ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਚਾਰ ਮਹੀਨਿਆਂ ਵਿੱਚ ਸੂਬੇ ਦੀਆਂ ਸੜਕਾਂ ’ਤੇ ਕੋਈ ਵੀ ਗਊਧਨ ਨਜ਼ਰ ਨਹੀਂ ਆਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸੜਕਾਂ ’ਤੇ ਘੁੰਮਦੇ ਗਊਧਨ ਨੂੰ ਤੁਰੰਤ ਗਊਸ਼ਾਲਾਵਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਮਿਸ਼ਨ ਗਊਧਨ ਦੀ ਸਹੀ ਸਾਂਭ-ਸੰਭਾਲ ਅਤੇ ਸੜਕੀ ਹਾਦਸਿਆਂ ਵਿੱਚ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਝਨੇੜੀ ਸਥਿਤ ਸਰਕਾਰੀ ਕੈਟਲ ਪੌਂਡ ਵਿੱਚ ਪਸ਼ੂਆਂ ਦੀ ਗਿਣਤੀ ਵਧ ਕੇ 354 ਹੋ ਗਈ ਹੈ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਸ਼ਹਿਰਾਂ ’ਚੋਂ ਗਊਧਨ ਨੂੰ ਸਰਕਾਰੀ ਗਊਸ਼ਾਲਾਵਾਂ ’ਚ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਗਊ ਸੈੱਸ ਰਾਹੀਂ ਇਕੱਠੀ ਹੋਈ ਰਾਸ਼ੀ ਦੀ ਵਰਤੋਂ ਸਿਰਫ਼ ਗਊਸ਼ਾਲਾਵਾਂ ਦੇ ਪ੍ਰਬੰਧ ਸੁਧਾਰਨ ਅਤੇ ਪਸ਼ੂਆਂ ਦੇ ਚਾਰੇ ਲਈ ਹੀ ਕੀਤੀ ਜਾਵੇ।
ਸ੍ਰੀ ਭਗਤ ਨੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਟੀਕਾਕਰਨ ਯਕੀਨੀ ਬਣਾਉਣ ਅਤੇ ਪੰਚਾਇਤ ਵਿਭਾਗ ਨੂੰ ਕਲੱਸਟਰ ਬਣਾ ਕੇ ਕੰਮ ਕਰਨ ਲਈ ਵੀ ਕਿਹਾ। ਉਪ ਚੇਅਰਮੈਨ ਨੇ ਕਿਹਾ ਕਿ ਜੋ ਡੇਅਰੀ ਮਾਲਕ ਆਪਣੇ ਪਸ਼ੂ ਸੜਕਾਂ ’ਤੇ ਛੱਡਦੇ ਹਨ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸ ਡੀ ਐੱਮ ਮਨਜੀਤ ਕੌਰ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

