ਪੱਤਰ ਪ੍ਰੇਰਕ
ਲਹਿਰਾਗਾਗਾ, 25 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ ਸ਼ੌਕ ਨਹੀਂ ਅਤੇ ਚਿਤਾਵਨੀ ਦਿੱਤੀ ਕਿ ਯੂਨੀਅਨ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਨਹੀਂ ਪੈਣ ਦੇਵੇਗੀ। ਬਰਨਾਲਾ ਵਿੱਚ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਥਾਨ ਨਰਮਾ ਮੰਡੀ ਵਿੱਚ ਬਲਾਕ ਪੱਧਰੀ ਪਿੰਡ ਇਕਾਈਆਂ ਦੀ ਮੀਟਿੰਗ ਦੌਰਾਨ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਸਰਕਾਰ ਦੇ ਰੈੱਡ ਐਂਟਰੀ ਵਾਲੇ ਫੈਸਲੇ ਨੂੰ ਕਿਸਾਨ ਮਾਰੂ ਕਰਾਰ ਦਿੰਦਿਆਂ ਕਿਹਾ ਕਿ ਯੂਨੀਅਨ ਇਸ ਫੈਸਲੇ ਦਾ ਡਟ ਕੇ ਵਿਰੋਧ ਕਰੇਗੀ। ਮੀਟਿੰਗ ਵਿੱਚ ਇਕਾਈਆਂ ਦੇ ਅਹੁਦੇਦਾਰਾਂ ਦੇ ਸੁਝਾਅ ਲਏ ਗਏ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਜਥੇਬੰਦੀ ਦੇ ਆਗੂ ਅਤੇ ਵਰਕਰਾਂ ਘਰ ਘਰ ਜਾ ਕੇ ਕਿਸਾਨਾਂ ਮਜ਼ਦੂਰਾਂ ਨੂੰ ਬਰਨਾਲਾ ਰੈਲੀ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇਣਗੇੇ। ਮੀਟਿੰਗ ਵਿਚ ਸ਼ਾਮਲ ਹੋਏ 25 ਪਿੰਡ ਇਕਾਈਆਂ ਦੇ ਅਹੁਦੇਦਾਰਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੇ ਪਰਾਲੀ ਸਾੜਨ ਉੱਤੇ ਕਾਰਵਾਈ ਕਰਨ ਅਤੇ ਲਾਲ ਲਕੀਰ ਮਾਰਨ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪਰਾਲੀ ਸਾੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜਨ ਤਾਂ ਉਹ ਇਸ ਦਾ ਕੋਈ ਪੱਕਾ ਹੱਲ ਕਰੇ ਅਤੇ ਝੋਨੇ ’ਤੇ 500 ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਬੋਨਸ ਦੇਵੇ।
ਠੋਸ ਪ੍ਰਬੰਧ ਨਾ ਹੋਣ ’ਤੇ ਬੀਕੇਯੂ ਡਕੌਂਦਾ ਵੱਲੋਂ ਪਰਾਲੀ ਸਾੜਨ ਦੀ ਚਿਤਾਵਨੀ
ਭਵਾਨੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਸੁਖਦੇਵ ਸਿੰਘ ਖਜ਼ਾਨਚੀ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪਰਾਲੀ ਦਾ ਠੋਸ ਪ੍ਰਬੰਧ ਨਾ ਕੀਤਾ ਗਿਆ ਤਾਂ ਯੂਨੀਅਨ ਵੱਡੇ ਪੱਧਰ ਤੇ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਰਣਧੀਰ ਸਿੰਘ ਭੱਟੀਵਾਲ, ਸੁਖਦੇਵ ਸਿੰਘ ਬਾਲਦ, ਗੁਰਚਰਨ ਸਿੰਘ ਆਦਿ ਨੇ ਕਿਹਾ ਕਿ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਚੌਕ ਭਵਾਨੀਗੜ੍ਹ ਵਿੱਚ 28 ਸਤੰਬਰ ਨੂੰ ਜਨਮ ਦਿਹਾੜਾ ਮਨਾਇਆ ਜਾਵੇਗਾ ਅਤੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦਾ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਸਰਕਾਰ ਵੱਲੋਂ ਮੰਨੀਆਂ ਮੰਗਾਂ ਤੋਂ ਭੱਜਣ ਅਤੇ ਐੱਮਐੱਸਪੀ ਸਬੰਧੀ ਕਮੇਟੀ ਵਿੱਚੋਂ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਦੀ ਨਿਖੇਧੀ ਵੀ ਕੀਤੀ।
‘ਰੈੱਡ ਐਂਟਰੀ’ ਫ਼ੈਸਲੇ ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ: ਬਹਿਰੂ
ਦੇਵੀਗੜ੍ਹ (ਪੱਤਰ ਪ੍ਰੇਰਕ): ਇੰਡੀਅਨ ਫਰਾਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਮੋਰਚਾ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਬੰਧਤ ਅਧਿਕਾਰੀਆਂ ਵੱਲੋਂ ਸਰਕਾਰ ਦੇ ਉਕਤ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਥਿਤ ਡਰਾਇਆ ਧਮਕਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ’ਤੇ ਉਨ੍ਹਾਂ ਨੂੰ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਿਲ ਰਹੀਆਂ ਸਬਸਿਡੀਆਂ ਤੇ ਸਹੂਲਤਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰੇਗਾ। ਸ੍ਰੀ ਬਹਿਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ ਦੀ ਬਜਾਏ ਪਰਾਲੇ ਦੇ ਮੁੱਦੇ ਦਾ ਠੋਸ ਹੱਲ ਕੱਢੇ।
ਮਲੇਰਕੋਟਲਾ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਅਧਿਕਾਰੀ ਤਾਇਨਾਤ
ਸੰਦੌੜ (ਪੱਤਰ ਪ੍ਰੇਰਕ): ਡੀਸੀ ਸੰਯਮ ਅਗਰਵਾਲ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ ਤੇ ਇਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਅਫ਼ਸਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ ਉਤੇ ਨਿਗ੍ਹਾ ਰੱਖਣਗੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ, ਭੂਮੀ ਸੰਭਾਲ ਆਦਿ ਹੋਰ ਵਿਭਾਗਾਂ ਦੇ ਸਟਾਫ਼ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਜਾ ਰਿਹਾ ਹੈ।