ਅਮਰਗੜ੍ਹ-ਧੂਰੀ ਸੜਕ ਦਾ ਨਾਂ ‘ਸ਼ਹੀਦ ਭਗਤ ਸਿੰਘ ਢਢੋਗਲ ਮਾਰਗ’ ਰੱਖਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿਹੜੀਆਂ ਕੌਮਾਂ ਆਪਣੇ ਮਾਣਮੱਤੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦੀ ਅਣਖ, ਗੈਰਤ ਤੇ ਹੋਂਦ ਹਮੇਸ਼ਾ ਬਰਕਰਾਰ ਰਹਿੰਦੀ ਹੈ ਅਤੇ ਸ਼ਹੀਦ ਭਗਤ ਸਿੰਘ ਢਢੋਗਲ ਹੁਰਾਂ ਵੱਲੋਂ ਝੱਲੇ ਤਸੀਹੇ, ਕੱਟੀਆਂ ਜੇਲ੍ਹਾਂ ਅਤੇ ਕੀਤੀਆਂ ਕੁਰਬਾਨੀਆਂ ਸਾਡੀਆਂ ਅਗਲੀਆਂ ਪੀੜ੍ਹੀਆਂ ਲਈ ਰਾਹ ਦਸੇਰਾ ਬਣਨਗੀਆਂ। ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਤੇ ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਅਹਿਮ ਐਲਾਨ ਕਰਦਿਆਂ ਕਿਹਾ ਕਿ 9.65 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਅਮਰਗੜ੍ਹ-ਧੂਰੀ ਬਾਗੜੀਆਂ ਸੜਕ ਦਾ ਨਾਮ ‘ਸ਼ਹੀਦ ਭਗਤ ਸਿੰਘ ਢਢੋਗਲ ਮਾਰਗ’ ਰੱਖਿਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਧੂਰੀ ਦੇ ਪਿੰਡ ਢਢੋਗਲ ਵਿੱਚ ਪਰਜਾ ਮੰਡਲ ਲਹਿਰ ਦੇ ਸ਼ਹੀਦ ਭਗਤ ਸਿੰਘ ਢਢੋਗਲ ਦੀ 87ਵੀਂ ਬਰਸੀ ਮੌਕੇ ਸ਼ਹੀਦ ਬੁੱਤ ’ਤੇ ਫੁੱਲਾਂ ਮਾਲਾਵਾਂ ਚੜ੍ਹਾ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ 9.65 ਕਰੋੜ ਨਾਲ ਬਣਾਈ ਜਾ ਰਹੀ 18 ਫੁੱਟੀ ਅਮਰਗੜ੍ਹ-ਧੂਰੀ ਅਤੇ 7.56 ਕਰੋੜ ਦੀ ਲਾਗਤ ਨਾਲ ਵੱਲੋਂ ਛੀਟਾਂਵਾਲਾ ਤੱਕ ਬਣਾਈ ਜਾ ਸੜਕਾਂ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਕਸ਼ਮੀਰੀ ਪੰਡਤਾਂ ਲਈ ਬਲੀਦਾਨ ਦੇਣ ਲਈ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਤੋਂ ਲੈ ਕੇ ਚਾਂਦਨੀ ਚੌਕ ਤੱਕ ਖਾਸ ਪ੍ਰੋਗਰਾਮ ਉਲੀਕ ਕੇ ਮਨਾਉਣ ਲਈ 55 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਹੁਣ ਨੌਵੇਂ ਗੁਰੂ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦਾ ਵਿਆਪਕ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਸਮਾਲ ਸਕੇਲ ਇੰਡਸਟਰੀ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਤੇ ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਹਾਜ਼ਰ ਸਨ।
ਪਿਛਲੀਆਂ ਸਰਕਾਰਾਂ ਦੇ ਆਗੂਆਂ ’ਤੇ ਅਹੁਦਿਆਂ ਦੀ ਦੁਰਵਰਤੋਂ ਦਾ ਦੋਸ਼
ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨਸ਼ਿਆਂ ਨਾਲ ਰੰਗਲੇ ਪੰਜਾਬ ਦੇ ਰੰਗ ਫਿੱਕੇ ਪਾਏ ਅਤੇ ਲੋਕਾਂ ਦੇ ਘਰਾਂ ’ਚ ਸੱਥਰ ਵਿਛਾਏ, ਉਨ੍ਹਾਂ ਨੂੰ ਕਿਵੇਂ ਇੱਕੋ ਚੁੱਲ੍ਹੇ ਪੱਕੀ ਖਾਣ ਨੂੰ ਮਿਲਦੀ ਹੈ, ਕਦੇ ਨਾਭੇ ਜਾ ਕੇ ਵੇਖ ਆਇਓ। ਪਿਛਲੀਆਂ ਸਰਕਾਰਾਂ ਦੇ ਆਗੂਆਂ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿੱਚ ਸਿਰਫ਼ 21 ਫੀਸਦ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ, ਪਰ ਅੱਜ ਇਹ ਅੰਕੜਾ 63 ਫੀਸਦ ਹੋ ਗਿਆ ਹੈ।