ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਰੈਲੀ
ਸੰਗਰੂਰ, 26 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੈਂਕੜੇ ਕਿਸਾਨਾਂ ਵਲੋਂ ਅਨਾਜ ਮੰਡੀ ਵਿਚ ਜਬਰ ਵਿਰੋਧੀ ਵਿਸ਼ਾਲ ਰੈਲੀ ਕੀਤੀ ਗਈ ਜਿਸ ਤੋਂ ਬਾਅਦ ਡੀ.ਸੀ. ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਕਿਸਾਨ ਆਗੂ ਨਿਰਭੈ ਸਿੰਘ ਖਾਈ ਉਪਰ ਕਾਤਲਾਨਾ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ, ਪਿੰਡ ਚਾਉਕੇ, ਜਿਊਂਦ ਅਤੇ ਅਖਾੜਾ ਵਿਖੇ ਪੁਲੀਸ ਤਸ਼ੱਦਦ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰ ਰਹੇ ਸਨ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਜਬਰ ਵਿਰੋਧੀ ਰੈਲੀ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਜਨਕ ਸਿੰਘ ਭੂਟਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜ਼ਰ ਸਿੰਘ ਪੁੰਨਾਵਾਲ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਭਜਨ ਬੁੱਟਰ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਸ਼ਾਦੀਪੁਰ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ,ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਸੂਬਾਈ ਆਗੂ ਮਹਿੰਦਰ ਸਿੰਘ ਅਤੇ ਨੌਜ਼ਵਾਨ ਕਿਸਾਨ ਆਗੂ ਭੁਪਿੰਦਰ ਲੌਂਗੋਵਾਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪੁਲੀਸ ਨੂੰ ਖੁੱਲ੍ਹੀਆਂ ਛੋਟਾਂ ਦੇ ਕੇ ਲੋਕਾਂ ਤੋਂ ਸੰਘਰਸ਼ ਦਾ ਹੱਕ ਖੋਹ ਲਿਆ ਹੈ। ਹਰ ਥਾਂ ਤਸ਼ੱਦਦ ਅਤੇ ਅੰਨ੍ਹੇਵਾਹ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਉਪਰ 25 ਅਪਰੈਲ ਨੂੰ ਇੱਕ ਮੰਤਰੀ ਦੀ ਕਥਿਤ ਸ਼ਹਿ ਉਪਰ ਭੂ-ਮਾਫ਼ੀਆ ਦੇ ਮੈਂਬਰਾਂ ਵਲੋਂ ਕਾਤਲਾਨਾ ਹਮਲਾ ਕੀਤਾ ਗਿਆ ਪਰੰਤੂ ਹਾਲੇ ਤੱਕ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪਿੰਡ ਚਾਉਕੇ, ਜਿਊਦ ਅਤੇ ਅਖਾੜਾ ਵਿਖੇ ਕਿਸਾਨਾਂ ਉਪਰ ਤਸ਼ੱਦਦ ਕੀਤਾ ਗਿਆ। ਜਬਰ ਵਿਰੋਧੀ ਰੈਲੀ ’ਚ ਮਤਾ ਪਾਸ ਕਰਦਿਆਂ ਮੰਗ ਕੀਤੀ ਕਿ ਨਿਰਭੈ ਸਿੰਘ ਖਾਈ ਦਾ ਕੇਸ ਲਹਿਰਾ ਪੁਲੀਸ ਦੀ ਬਜਾਏ ਸੀਆਈਏ ਸਟਾਫ਼ ਸੰਗਰੂਰ ਨੂੰ ਦਿੱਤਾ ਜਾਵੇ, ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੇਲ੍ਹਾਂ ਵਿਚ ਬੰਦ ਔਰਤਾਂ ਸਮੇਤ ਸਾਰੇ ਕਾਰਕੁੰਨਾਂ ਨੂੰ ਰਿਹਾਅ ਕੀਤਾ ਜਾਵੇ। ਰੈਲੀ ਨੂੰ ਕਸ਼ਮੀਰ ਸਿੰਘ ਘਰਾਚੋਂ, ਕਰਮਜੀਤ ਸਿੰਘ ਛੰਨਾਂ, ਕਰਮ ਸਿੰਘ ਬਲਿਆਲ, ਇੰਦਰਪਾਲ ਸਿੰਘ ਪੁੰਨਾਂਵਾਲ, ਨਰੰਜਣ ਸਿੰਘ ਸਫ਼ੀਪੁਰ, ਸਵਰਨ ਸਿੰਘ ਨਵਾਂਗਾਓ, ਧੰਨਾ ਮੱਲ ਗੋਇਲ, ਡੀਟੀਐਫ਼ ਆਗੂ ਬਲਵੀਰ ਚੰਦ ਨੇ ਵੀ ਸੰਬੋਧਨ ਕੀਤਾ।