ਹਰਦੀਪ ਸਿੰਘ ਸੋਢੀ
ਧੂਰੀ, 11 ਸਤੰਬਰ
‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਸਤੰਬਰ ਨੂੰ ਧੂਰੀ ਸ਼ਹਿਰ ਅੰਦਰ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਧੂਰੀ ਦੇ ਵਪਾਰੀਆਂ ਅਤੇ ਹੋਰਨਾਂ ਸੰਸਥਾਵਾਂ ਵੱਲੋਂ ਜਥੇਬੰਦੀ ਦੀਆਂ ਮੰਗਾਂ ਸਬੰਧੀ ਸਰਕਾਰ ਨੂੰ ਗੌਰ ਕਰਨ ਅਤੇ ਧੂਰੀ ਸ਼ਹਿਰ ਅੰਦਰ ਚੱਕਾ ਜਾਮ ਨਾ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓਜ਼ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਵੱਲੋਂ ਅੱਜ ਮੀਡੀਆ ਰਾਹੀਂ ਵਪਾਰੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਦੱਸਣਯੋਗ ਹੈ ਕਿ ਠੇਕਾ ਮੁਲਾਜ਼ਮਾਂ ਵੱਲੋਂ 13 ਸਤੰਬਰ ਨੂੰ ਅਣਮਿੱਥੇ ਸਮੇਂ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਧੂਰੀ ਦੇ ਵਪਾਰੀਆਂ, ਵਿੱਦਿਅਕ ਸੰਸਥਾਵਾਂ ਦੇ ਆਗੂਆਂ ਸਮੇਤ ਅਨੇਕਾਂ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਅੰਦਰ ਸਥਿਤੀ ਨੂੰ ਤਣਾਅਪੂਰਨ ਹੋਣ ਤੋਂ ਰੋਕਣ, ਵਪਾਰੀਆਂ ਨੂੰ ਆਰਥਿਕ ਨੁਕਸਾਨ ਤੋਂ ਬਚਾਉਣ, ਸਕੂਲੀ ਬੱਸਾਂ, ਐਂਬੂਲੈਂਸਾਂ ਸਮੇਤ ਹੋਰ ਆਵਾਜਾਈ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਜੱਥੇਬੰਦੀ ਨੂੰ ਆਪਣੇ ਸੰਘਰਸ਼ ਦੀ ਰੂਪਰੇਖਾ ਬਦਲਣ ਦੀ ਅਪੀਲ ਕੀਤੀ ਜਾ ਚੁੱਕੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਟੇਟ ਹਾਈਵੇਅ ਜਾਮ ਹੋਣ ’ਤੇ ਟਰੈਫਿਕ ਦੇ ਬਦਲਵੇਂ ਪ੍ਰਬੰਧ ਕਰਨ ’ਤੇ ਦਿੱਲੀ ਤੋਂ ਅੰਮਿ੍ਰਤਸਰ ਤੱਕ ਹੈਵੀ ਵਹੀਕਲਾਂ ਸਮੇਤ ਸਾਰੀ ਟਰੈਫਿਕ ਨੂੰ ਸ਼ਹਿਰ ਵਿਚਲੇ ਮੁੱਖ ਫਾਟਕਾਂ ਵਾਲੇ ਤੰਗ ਰਸਤੇ ਰਾਹੀਂ ਲੰਘਣਾ ਪੈਂਦਾ ਹੈ ਅਤੇ ਇਹ ਫਾਟਕ ਅਕਸਰ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਟਰੈਫਿਕ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਥੇਬੰਦੀ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਵੱਲੋਂ ਜਿੱਥੇ ਉਨਾਂ ਦੀਆਂ ਮੰਗਾਂ ਦੀ ਪ੍ਰੋੜ੍ਹਤਾ ਕਰਨ ਸਸੰਧੀ ਵਪਾਰੀ ਤੇ ਹੋਰਨਾਂ ਸੰਸਥਾਵਾਂ ਦੇ ਆਗੂਆਂ ਦਾ ਧੰਨਵਾਦ ਕੀਤਾ ਗਿਆ, ਉਥੇ ਹੀ ਆਪਣੀਆਂ ਮੰਗਾਂ ਦੀ ਪ੍ਰਾਪਤ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਬੂਰ ਨਾ ਪੈਂਦਿਆਂ ਦੇਖ ਕੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨਾ ਆਪਣੀ ਮਜਬੂਰੀ ਦੱਸਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ‘ਆਮ ਆਦਮੀ ਪਾਰਟੀ’ ਦੇ ਵਜ਼ੀਰਾਂ ਨਾਲ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅੱਜ ਤੱਕ ਉਨਾਂ ਦੀ ਕਿਸੇ ਮੰਗ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ, ਸਗੋਂ ਹੋਰਨਾਂ ਸਰਕਾਰਾਂ ਵਾਂਗ ਹੀ ਡੰਗ ਟਪਾਉ ਨੀਤੀ ਅਪਣਾਉਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਅੱਜ ਤੱਕ ਵਫਦ ਨੂੰ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ। ਉਨਾਂ ਕਿਹਾ ਕਿ ਚੱਕਾ ਜਾਮ ਕਰਕੇ ਲੋਕਾਂ ਨੂੰ ਖੱਜਲ-ਖੁਆਰ ਕਰਨਾ ਉਨਾਂ ਦੀ ਮਨਸ਼ਾ ਨਹੀਂ ਹੈ, ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦਾ ਢਿੱਡ ਭਰਨ ਲਈ ਹਾਈਵੇਅ ਜਾਮ ਕਰਨ ਲਈ ਮਜਬੂਰ ਹਨ।