ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਢੰਗ ਨਾਲ ਗੋਦ ਲੈਣ ਦੀ ਅਪੀਲ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 29 ਜੂਨ
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਗੋਦ ਲੇਣ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾਂ ਜਾਂ ਮਾਪੇ ਜੋ ਬੱਚਿਆਂ ਨੂੰ ਆਪਣੇ ਕੋਲ ਰੱਖਣ ਵਿੱਚ ਅਸਮਰੱਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ, ਨਰਸਿੰਗ ਹੋਮ ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ। ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਂਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲੀਸ ਸਟੇਸ਼ਨ / ਬਾਲ ਭਲਾਈ ਕਮੇਟੀ/ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਬੱਚੇ ਨੂੰ ਸਪੁਰਦ ਕਰਨਾ ਚਾਹੁੰਦਾ ਜਾਂ ਬੱਚੇ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬਾਲ ਭਲਾਈ ਕਮੇਟੀ ਜਾ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰਨ।