ਨਿਜੀ ਪੱਤਰ ਪ੍ਰੇਰਕ
ਸੰਗਰੂਰ, 18 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਵਪਾਰਕ ਅਦਾਰਿਆਂ ਨੂੰ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ’ ਦੀ ਵਰਤੋਂ, ਵਿਕਰੀ, ਭੰਡਾਰ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਲਾਸਟਿਕ ਕਚਰੇ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਮਨੁੱਖੀ ਜੀਵਨ ਦੇ ਨਾਲ-ਨਾਲ ਜੀਵ ਜੰਤੂਆਂ ਲਈ ਖਤਰਨਾਕ ਸਿੱਧ ਹੁੰਦਾ ਹੈ ਅਤੇ ਭਵਿੱਖ ਵਿੱਚ ਇਸ ਖ਼ਤਰੇ ਤੋਂ ਬਚਾਅ ਲਈ ਇਸ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਪਰਿਵਾਰਾਂ, ਘਰਾਂ, ਰਿਸ਼ਤੇਦਾਰਾਂ, ਦੋਸਤਾਂ ਦੀ ਸਿਹਤ ਸੁਰੱਖਿਆ ਲਈ ਇਸ ਪਾਬੰਦੀ ਨੂੰ ਸਫਲਤਾ ਨਾਲ ਲਾਗੂ ਕਰਨ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੇ ਸਮਾਨ ਨੂੰ ਵਰਤੋਂ ਵਿੱਚ ਨਾ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਾਰ ਵਾਰ ਪ੍ਰਸ਼ਾਸਨਿਕ ਪੱਧਰ ਉੱਤੇ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਲਗਾਤਾਰ ਦੁਕਾਨਾਂ, ਮੰਡੀਆਂ, ਬਜ਼ਾਰਾਂ, ਮਾਲ ਆਦਿ ਵਿੱਚ ਚੈਕਿੰਗ ਕਰਨਗੀਆਂ ਅਤੇ ਜੇਕਰ ਇਸ ਦੌਰਾਨ ਕੋਈ ਵੀ ਵਪਾਰੀ ਅਜਿਹੇ ਸਾਮਾਨ ਦੀ ਵਿਕਰੀ ਜਾਂ ਭੰਡਾਰ ਕਰਦਾ ਪਾਇਆ ਗਿਆ ਤਾਂ ਸਾਮਾਨ ਨੂੰ ਜ਼ਬਤ ਕਰਕੇ ਸਬੰਧਤ ਵਿਅਕਤੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।