AAP protest: ਅਰੋੜਾ ਦੀ ਗ੍ਰਿਫ਼ਤਾਰੀ: ‘ਆਪ’ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ
ਕੈਬਨਿਟ ਮੰਤਰੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਕਰਾਰ; ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ’ਚ ਜੁਟੀ: ਗੋਇਲ
ਆਮ ਆਦਮੀ ਪਾਰਟੀ (ਆਪ) ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਖ਼ਿਲਾਫ਼ ਇਥੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਈ ਡੀ. ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਦਾ ਸਿਖ਼ਰ ਕਰਾਰ ਦਿੰਦਿਆਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ‘ਆਪ’ ਵਰਕਰਾਂ ਨੇ ਹੱਥਾਂ ਵਿਚ ‘ਭਾਜਪਾ ਦੀ ਧੱਕੇਸ਼ਾਹੀ ਪੰਜਾਬ ਵਿਚ ਨਹੀਂ ਚੱਲੇਗੀ’, ‘ਭਾਜਪਾ ਮੁਰਦਾਬਾਦ’ ਆਦਿ ਨਾਅਰਿਆਂ ਵਾਲੀਆਂ ਤਖਤੀਆਂ ਚੁੱਕੀਆਂ ਸਨ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਭਾਜਪਾ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਵੱਧ ਰਹੀ ਹਰਮਨਪਿਆਰਤਾ ਤੋਂ ਭਾਜਪਾ ਬੁਖਲਾਹਟ ਵਿਚ ਹੈ, ਜਿਸ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਿਰੋਧੀ ਆਗੂਆਂ ਨੂੰ ਡਰਾਉਣ ਧਮਕਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ‘ਆਪ’ ਲੋਕਤੰਤਰ ਦੀ ਰਾਖੀ ਲਈ ਭਾਜਪਾ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਦਾ ਇੱਕਜੁੱਟਤਾ ਨਾਲ ਮੁਕਾਬਲਾ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਕੇਂਦਰੀ ਜਾਂਚ ਏਜੰਸੀਆਂ ਦੇ ਛਾਪਿਆ ਨਾਲ ਦਬਾਅ ਪਾ ਕੇ ਆਗੂੁਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਹੋਣ ਲਈ ਮਜ਼ਬੂਰ ਕਰਨਾ ਚਾਹੁੰਦੀ ਹੈ ਪਰ ‘ਆਪ’ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਪਾਰਟੀ ਨਹੀਂ ਹੈ।
ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ਼ ਮੁਜ਼ਾਹਰਾ
ਪਟਿਆਲਾ (ਸਰਬਜੀਤ ਸਿੰਘ ਭੰਗੂ): ਕੇਂਦਰ ’ਚ ਸੱਤਾਧਾਰੀ ਭਾਜਪਾ ’ਤੇ ਈ ਡੀ ਅਤੇ ਸੀ ਬੀ ਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਿਰੋਧੀ ਧਿਰਾਂ ਖ਼ਿਲਾਫ਼ ਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਇਥੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਪਟਿਆਲਾ ਸਥਿਤ ਜ਼ਿਲ੍ਹਾ ਪੱਧਰੇ ਦਫਤਰ ਅੱਗੇ ਧਰਨਾ ਵੀ ਦਿਤਾ। ਪ੍ਰਦਰਸ਼ਨਾਂ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਥਾਨਕ ਵਿਧਾਇਕ ਅਜੀਤਪਾਲ ਕੋਹਲੀ ਸਮੇਤ ਹੋਰਨਾ ਵਿਧਾਇਕਾਂ, ਚੇਅਰਮੈਨਾਂ ਅਤੇ ਆਗੂਆ ਨੇ ਵੀ ਹਿੱਸਾ ਲਿਆ। ‘ਆਪ’ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਪ੍ਰਧਾਨ ਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਆਦਿ ਵੀ ਅਗਵਾਈ ਹੇਠ ‘ਆਪ’ ਵਰਕਰਾਂ ਨੇ ਇਥੇ ਅਰਨਾ ਬਰਨਾ ਚੌਕ ਵਿਚ ਭਾਜਪਾ ਦੇ ਜ਼ਿਲ੍ਹਾ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਵਿਰੋਧੀ ਧਿਰਾਂ ਨੂੰ ਡਰਾਉਣ ਲਈ ਪੰਜਾਬ ਵਿੱਚ ਈ ਡੀ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰ ਰਹੀ ਹੈ। ਚੋਣਾਂ ਨੇੜੇ ਆਉਣ ਕਾਰਨ ਈ ਡੀ. ਦੇ ਛਾਪੇ ਤੇਜ਼ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਦਿਨੀਂ ਕਈ ‘ਆਪ’ ਆਗੂਆਂ ਨੂੰ ਅਜਿਹੇ ਹੀ ਡਰਾਵੇ ਤਹਿਤ ਭਾਜਪਾ ’ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ’ਤੇ ਹੀ ਉਨ੍ਹਾਂ ਨੂੰ ਝੂਠੇ ਦੋਸ਼ਾਂ ’ਚ ਗ੍ਰਿਫ਼ਤਾਰ ਕਰ ਲਿਆ ਗਿਆ। ਡਾ. ਬਲਬੀਰ ਸਿੰਘ, ਬਲਜਿੰਦਰ ਢਿੱਲੋਂ, ਰਣਜੋਧ ਹਡਾਣਾ ਤੇ ਇੰਦਰਜੀਤ ਸੰਧੂ ਨੇ ਕਿਹਾ ਕਿ ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀ ਫਿਕਰ ਕਰਦੀ ਹੈ, ਤਾਂ ਉਸ ਨੂੰ ਸੂਬੇ ਦੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ। ਚੰਡੀਗੜ੍ਹ ਪੰਜਾਬ ਨੂੰ ਸੌਂਪਣਾ ਚਾਹੀਦਾ ਹੈ।

