ਵਿਆਹ ਦਾ ਖਾਣਾ ਖਾ ਕੇ 72 ਦੇ ਕਰੀਬ ਲੋਕ ਹੋਏ ਬਿਮਾਰ ; ਕੈਬਨਿਟ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲ
ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਮਹਿਲਾਵਾਂ, ਮਰਦਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਅਚਾਨਕ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ...
ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਮਹਿਲਾਵਾਂ, ਮਰਦਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਅਚਾਨਕ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜੋ ਕਿ ਅਜੇ ਵੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ।
ਅੱਜ ਖ਼ੁਦ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਲ ਕੀਤੀ ਤੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਬਾਰੇ ਵੀ ਜਾਣਿਆ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐੱਸ ਡੀ ਐੱਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਦੇ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਪਲ-ਪਲ ਦੀ ਸਥਿਤੀ 'ਤੇ ਨਜ਼ਰ ਰੱਖਣਗੇ। ਇਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫ਼ਰ ਵੀ ਕੀਤਾ ਗਿਆ।
ਉੱਥੇ ਹੀ ਮਰੀਜ਼ਾਂ ਦਾ ਹਾਲ ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ। ਪਟਿਆਲਾ ਤੋਂ ਵੀ ਮਾਹਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ ਅਤੇ ਸਿਵਲ ਸਰਜਨ ਸੰਗਰੂਰ ਖ਼ੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਵੇ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਂਬੂਲੈਂਸਾਂ ਨੂੰ ਮੌਕੇ 'ਤੇ ਤਿਆਰ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਕਿਸੇ ਵੀ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਦੇ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ 'ਤੇ ਬਣਦੀ ਕਾਰਵਾਈ ਕਰੇਗੀ।

