ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਕਤੂਬਰ
ਮਗਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਸੰਘਰਸ਼ ਵਿੱਢ ਦਿੱਤਾ ਗਿਆ ਹੈ, ਜਿਸ ਤਹਿਤ ਮਗਨਰੇਗਾ ਕਰਮਚਾਰੀਆਂ ਵੱਲੋਂ ਅੱਜ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਵੱਡੇ ਚੌਕ ਵਿਚ ਪੰਜਾਬ ਸਰਕਾਰ ਦੇ ਆਰਥਿਕ ਸਲਾਹਕਾਰ ਮੌਂਟੇਕ ਸਿੰਘ ਆਹਲੂਵਾਲੀਆ ਅਤੇ ਖੇਤੀ ਮਾਰੂ ਕਾਨੂੰਨਾਂ ਖ਼ਿਲਾਫ਼ ਦੇਸ਼ ਦੀ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਕਰਮਚਾਰੀ ਸਥਾਨਕ ਬਨਾਸਰ ਬਾਗ ਵਿੱਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਉਹ ਸ਼ਹਿਰ ਦੇ ਵੱਡੇ ਚੌਕ ਵਿੱਚ ਪੁੱਜੇ। ਚੌਕ ਵਿੱਚ ਪਹੁੰਚ ਕੇ ਮਗਨਰੇਗਾ ਕਰਮਚਾਰੀਆਂ ਵੱਲੋਂ ਮੌਂਟੇਕ ਸਿੰਘ ਆਹਲੂਵਾਲੀਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫ਼ੂਕੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਪੱਕੀ ਭਰਤੀ ਲਈ ਵਰਤੇ ਜਾਂਦੇ ਮਾਪਦੰਡਾਂ ਅਨੁਸਾਰ ਕੀਤੀ ਗਈ ਸੀ ਜੋ ਕਿ ਪਿਛਲੇ 12 ਸਾਲਾਂ ਤੋਂ ਸੇਵਾਵਾਂ ਰੈਗੂਲਰ ਕਰਾਉਣ ਲਈ ਸੰਘਰਸ਼ ਕਰ ਰਹੇ ਹਨ। ਸਮੇਂ-ਸਮੇਂ ’ਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ। ਪਿਛਲੇ ਸਾਲ ਵੀ ਦੋ ਵਾਰ ਹੋਈਆਂ ਵੱਡੀਆਂ ਹੜਤਾਲਾਂ ਖੁੱਲ੍ਹਵਾਉਣ ਲਈ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇੱਕ ਉੱਚ ਅਫ਼ਸਰ ਕਮੇਟੀ ਗਠਿਤ ਕਰ ਕੇ ਸਰਵ ਸਿੱਖਿਆ ਅਭਿਆਨ ਤੇ ਰਮਸਾ ਦੇ ਅਧਿਆਪਕਾਂ ਦੀ ਤਰਜ਼ ’ਤੇ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਕਮੇਟੀ ਵੱਲੋਂ ਕੱਖ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਨੇ ਠੇਕਾ ਮੁਲਾਜ਼ਮ ਵੈੱਲਫੇਅਰ ਐਕਟ-2016 ਲਾਗੂ ਕਰਕੇ ਕਈ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰ-2016 ਐਕਟ ਨੂੰ ਤੋੜ ਕੇ ਨਵਾਂ ਐਕਟ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇੱਕ ਲੱਖ ਨਵੀਆਂ ਨੌਕਰੀਆਂ ਦੇਣ ਦੇ ਐਲਾਨ ਕਰ ਰਹੀ ਹੈ। ਦੂਜੇ ਪਾਸੇ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ’ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪੱਕੀਆਂ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨਵਾਂ ਐਕਟ ਬਣਾਉਣ ਵਾਸਤੇ ਪੰਜ ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਜੋ ਨਾ ਤਾਂ ਕੁੱਝ ਕਰ ਰਹੀ ਹੈ ਤੇ ਨਾ ਐਕਟ-2016 ਨੂੰ ਹਰੀ ਝੰਡੀ ਦੇ ਰਹੀ ਹੈ। ਪਿਛਲੇ 15-16 ਸਾਲਾਂ ਤੋਂ ਕੱਚੀਆਂ ਅਸਾਮੀਆਂ ’ਤੇ ਕੰਮ ਕਰਦੇ ਲੱਖਾਂ ਨੌਜਵਾਨਾਂ ਨੂੰ ਅਣਗੌਲਿਆਂ ਕਰ ਕੇ ਕਿਰਤ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਰਿਵਾਰਾਂ ਅਤੇ ਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਕੈਬਨਿਟ ਸਬ ਕਮੇਟੀ ਵਿੱਚ ਸ਼ਾਮਲ ਪੰਜ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਤੇ ਹੋਰ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ।