ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਸਤੰਬਰ
ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਮੁੱਖ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜ ਹਜ਼ਾਰ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ। ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਇਥੇ ਭਗਵਾਨ ਮਹਾਂਵੀਰ ਚੌਕ ਵਿਚ ਪਿਛਲੇ ਕਰੀਬ 15 ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਚੁੱਕ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਦਿੱਲੀ-ਲੁਧਿਆਣਾ ਹਾਈਵੇਅ ਉਪਰ ਅਰਥੀ ਫ਼ੂਕਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕਿ ਪੀਟੀਆਈ ਅਧਿਆਪਕਾਂ ਦੀਆਂ ਨਵੀਆਂ ਪੰਜ ਹਜ਼ਾਰ ਪੋਸਟਾਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਅਣਗਿਣਤ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰੰਤੂ ਅਜੇ ਤੱਕ ਝੂਠੇ ਲਾਰੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਬੇਰੁਜ਼ਗਾਰਾਂ ਨੂੰ ਸੜਕਾਂ ਉਪਰ ਰੋਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜ ਹਜ਼ਾਰ ਅਸਾਮੀਆਂ ਦਾ ਇਸ਼ਤਹਿਾਰ ਜਾਰੀ ਕੀਤਾ ਜਾਵੇ, ਪੀਟੀਆਈ ਅਧਿਆਪਕਾਂ ਨੂੰ ਪ੍ਰਾਇਮਰੀ ਪੱਧਰ ਤੋਂ ਲੈ ਕੇ ਮਿਡਲ ਪੱਧਰ ਤੱਕ ਨਿਯੁਕਤ ਕੀਤਾ ਜਾਵੇ, ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਪ੍ਰਾਇਮਾਰੀ ਸਕੂਲ ਤੋਂ ਲੈ ਕੇ ਹਰ ਜਮਾਤ ਲਈ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀਟੀਆਈ ਅਧਿਆਪਕਾਂ ਦੀਆਂ ਨਵੀਆਂ ਪੰਜ ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੱਕਾ ਮੋਰਚਾ ਅਤੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਯੂਨੀਅਨ ਆਗੂ ਅਮਨਦੀਪ ਕੰਬੋਜ, ਗੋਬਿੰਦ ਬਿੱਲਾ, ਗੁਰਮੀਤ ਚਹਿਲ, ਸ਼ਮਸੇਰ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਰੂਣ ਕਪੂਰ, ਭਰਤ ਭੂਸ਼ਣ ਅਤੇ ਹੋਰ ਆਗੂ ਮੌਜੂਦ ਸਨ।