ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 15 ਫਰਵਰੀ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਨੇ ਇੱਥੋਂ ਨੇੜਲੇ ਪਿੰਡ ਉਗਰਾਹਾਂ ਅਤੇ ਪਿੰਡ ਛਾਜਲਾ ਵਿੱਚ ਦਿੱਲੀ ਚ ਗ੍ਰਿਫ਼ਤਾਰ ਕੀਤੀ ਸਮਾਜਿਕ ਕਾਰਕੁਨ ਨੌਦੀਪ ਕੌਰ ਤੇ ਹੋਰ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਵਿੱਚ ਮਗਨਰੇਗਾ ਸਹੂਲਤਾਂ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਵੀ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਤੇ ਜ਼ਿਲ੍ਹਾ ਵਿੱਤ ਸਕੱਤਰ ਬਿਮਲ ਕੌਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੋਦੀ ਹਕੂਮਤ ਦੀਆਂ ਅਰਥੀਆਂ ਸਾੜਨ ਦੀ ਪਿੰਡਾਂ ’ਚ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣ ਚੁੱਕੇ ਹਨ। ਹਿੰਦੂਤਵੀ ਮੋਦੀ ਹਕੂਮਤ ਦੇ ਰਾਜ ਵਿੱਚ ਧਾਰਮਿਕ ਘੱਟ ਗਿਣਤੀਆਂ, ਕੌਮੀਅਤਾਂ, ਮਜ਼ਦੂਰ, ਕਿਸਾਨ, ਦਲਿਤ, ਆਦਿਵਾਸੀ, ਬੁੱਧੀਜੀਵੀ ਤੇ ਕਲਮਕਾਰ ਅਸੁਰੱਖਿਅਤ ਹਨ। ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੀਆਂ ਆਵਾਜ਼ਾਂ ਨੂੰ ਅੰਦੋਲਨ ਜੀਵੀ ਤੇ ਪਰਜੀਵੀ ਕਿਹਾ ਜਾ ਰਿਹਾ ਹੈ। ਆਗੂਆਂ ਨੇ ਜ਼ੋਰਦਾਰ ਮੰਗ ਉਠਾਈ ਕਿ ਨੌਦੀਪ ਕੌਰ ਸਮੇਤ ਗ੍ਰਿਫ਼ਤਾਰ ਕੀਤੇ ਆਗੂਆਂ/ ਵਰਕਰਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ।
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੁਜ਼ਾਹਰਾ
ਸੰਗਰੂਰ (ਨਿਜੀ ਪੱਤਰ ਪ੍ਰੇਰਕ) ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਇਥੇ ਸਰਕਾਰੀ ਰਣਬੀਰ ਕਾਲਜ ’ਚ ਮਹਿਲਾ ਆਗੂ ਨੌਦੀਪ ਕੌਰ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਤੇ ਜਗਸੀਰ ਲਦਾਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕਰਕੇ ਉਸ ਉਪਰ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਸੰਗੀਨ ਧਰਾਵਾਂ ਤਹਿਤ ਉਸਨੂੰ ਜੇਲ੍ਹ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ ਤੇ ਮੋਦੀ ਹਕੂਮਤ ਦੀਆਂ ਨਾਕਾਮੀਆਂ ਖ਼ਿਲਾਫ਼ ਬੋਲਣ ਤੇ ਸੱਤਾ ਤੋਂ ਉਲਟ ਵਿਚਾਰ ਰੱਖਣ ਵਾਲੇ ਬੁੱਧੀਜੀਵੀ, ਸਮਾਜਿਕ ਕਾਰਕੁੰਨਾ ਤੇ ਝੂਠੇ ਪਰਚੇ ਦਰਜ ਕਰਕੇ ਜੇਲਾਂ ਚ ਬੰਦ ਕਰ ਰਹੀ ਹੈ।