ਬੀਰਬਲ ਰਿਸ਼ੀ
ਸ਼ੇਰਪੁਰ, 2 ਜਨਵਰੀ
ਲਖੀਮਪੁਰ (ਯੂਪੀ) ਵਿੱਚ ਕਿਸਾਨਾਂ ’ਤੇ ਹਮਲੇ ਦੇ ਦੋਸ਼ਾਂ ਵਿੱਚ ਘਿਰੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖਾਸ਼ਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿੱਚ ਜਥੇਬੰਦੀ ਦੇ ਆਗੂ ਈਸ਼ਰਪਾਲ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਈਸ਼ਰਪਾਲ ਸਿੰਘ ਪੰਜਗਰਾਈਆਂ ਨੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਖੀਮਪੁਰ ਮਾਮਲੇ ਵਿੱਚ ਕੇਂਦਰੀ ਮੰਤਰੀ ਮਿਸ਼ਰਾ ਦੀ ਗ੍ਰਿਫ਼ਤਾਰੀ ਤਾਂ ਦੂਰ ਦੀ ਗੱਲ ਹਾਲੇ ਅਹੁਦੇ ਤੋਂ ਬਰਖਾਸਤਗੀ ਵੀ ਨਹੀਂ ਕੀਤੀ ਗਈ। ਕਿਸਾਨਾਂ ’ਤੇ ਸੰਘਰਸ਼ ਦੌਰਾਨ ਵੱਖ-ਵੱਖ ਥਾਈਂ ਪਾਏ ਝੂਠੇ ਕੇਸਾਂ ਦੀ ਵਾਪਸੀ ਵੀ ਨਹੀਂ ਹੋਈ ਅਤੇ ਐੱਮਐੱਸਪੀ ਦਾ ਮਾਮਲਾ ਵੀ ਕਿਸੇ ਤਣ ਪੱਤਣ ਨਹੀਂ ਲੱਗਿਆ। ਆਗੂ ਨੇ ਕਿਹਾ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਜਥੇਬੰਦੀ ਵੱਲੋਂ ਜ਼ੋਰਦਾਰ ਵਿਰੋਧ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਜਥੇਬੰਦੀ ਦੇ ਮੋਹਰੀ ਆਗੂ ਕੁਲਵੰਤ ਸਿੰਘ, ਚੰਦ ਸਿੰਘ, ਬੂਟਾ ਸਿੰਘ, ਜਸ਼ਮਨ ਸਿੰਘ, ਹੈਰੀ ਸਿੱਧੂ, ਕੁਲਦੀਪ ਸਿੰਘ, ਸਾਧੂ ਖਾਂ, ਵਿੱਕੀ ਪੰਡਤ, ਸੁਖਦੇਵ ਫੌਜੀ ਅਤੇ ਭੁਪਿੰਦਰ ਕੌਰ ਆਦਿ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਕੁਮਾਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਲਾਕੇ ਦੇ ਪਿੰਡ ਗਹਿਲਾਂ, ਰਾਜਪੁਰਾ, ਜੌਲੀਆਂ, ਘਰਾਚੋਂ, ਝਨੇੜੀ, ਈਲਵਾਲ, ਮਹਿਲਾਂ, ਲੱਡੀ ਤੇ ਡੇਹਲੇਵਾਲ ਵਿੱਚ ਅਰਥੀਆਂ ਫੂਕਣ ਮਗਰੋਂ ਯੂਨੀਅਨ ਦੇ ਆਗੂ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ ਤੇ ਜਸਵੀਰ ਸਿੰਘ ਗਗੜਪੁਰ ਨੇ ਕਿਹਾ ਕਿ ਚੋਣਾਂ ਦੇ ਰੌਲੇ ਰੱਪੇ ਦੌਰਾਨ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਮਜਬੂਤ ਜਥੇਬੰਦੀ ਤੇ ਦ੍ਰਿੜ੍ਹ ਸੰਘਰਸ਼ ’ਤੇ ਟੇਕ ਰੱਖਣ ਦੀ ਸਖਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਚੰਨੀ ਸਰਕਾਰ ਵਾਅਦਾਖ਼ਿਲਾਫ਼ੀ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੀਆਂ ਹਨ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤਰ ਦੇ ਵੱਖ ਵੱਖ ਪਿੰਡਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ। ਪਿੰਡ ਮਹਿਲਾਂ ’ਚ ਬਲਾਕ ਆਗੂ ਅਮਨਦੀਪ ਸਿੰਘ ਮਹਿਲਾਂ ਦੀ ਅਗਵਾਈ ’ਚ ਕੀਤੇ ਗਏ ਪੁਤਲਾ ਫੂਕ ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 5 ਜਨਵਰੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ਼ ਤਿੰਨ ਕਾਲੇ ਕਾਨੂੰਨ ਹੀ ਵਾਪਸ ਲਏ ਗਏ ਹਨ ਜਦੋਂਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਲਟਕੀਆਂ ਪਈਆਂ ਹਨ। ਇਸ ਮੌਕੇ ਸੁਖਵੀਰ ਸਿੰਘ ਝੱਲੀ, ਰਾਮ ਸਿੰਘ ਵਾਲੀਆ, ਜੱਗ ਸਿੰਘ ਸੇਖੋਂ, ਜਗਦੀਪ ਸਿੰਘ ਘੁਮਾਣ, ਚਮਕੌਰ ਸਿੰਘ, ਭਰਪੂਰ ਕੌਰ, ਸੁਖਜੀਤ ਕੌਰ, ਰਮਨਪ੍ਰੀਤ ਕੌਰ, ਬੇਅੰਤ ਕੌਰ ਤੇ ਜਸਵੰਤ ਕੌਰ ਝੱਲੀ ਵੀ ਹਾਜ਼ਰ ਸਨ। ਇਸੇ ਦੌਰਾਨ ਗ਼ਦਰੀ ਸ਼ਹੀਦ ਬੀਬੀ ਗੁਲਾਬ ਕੌਰ ਬਖ਼ਸ਼ੀਵਾਲਾ ਦੀ ਜਨਮ ਭੂਮੀ ਤੇ ਮੁਜ਼ਾਰਾ ਲਹਿਰ ਦੇ ਕੇਂਦਰ ਰਹੇ ਇਤਿਹਾਸਕ ਪਿੰਡ ਬਖ਼ਸ਼ੀਵਾਲਾ ’ਚ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਜਅੇਬੰਦੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਬਖ਼ਸ਼ੀਵਾਲਾ, ਡੀਟੀਐੱਫ ਦੇ ਜ਼ਿਲ੍ਹਾ ਕਮੇਟੀ ਮੈਂਬਰ ਮਾਸਟਰ ਗੁਰਮੇਲ ਸਿੰਘ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਤੇ ਕਿਸਾਨੀ ਸੰਘਰਸ਼ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।
ਵੋਟਾਂ ਲੈਣ ਪੰਜਾਬ ਆ ਰਹੇ ਮੋਦੀ ਦਾ ਵਿਰੋਧ ਕਰਨ ਦਾ ਫੈਸਲਾ
ਦੇਵੀਗੜ੍ਹ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਪਟਿਆਲਾ ਦੇ ਪ੍ਰਧਾਨ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਸਾਲ ਨਵੇਂ ਖੇਤੀ ਕਾਨੂੰਨ ਲਿਆ ਕੇ ਦੇਸ਼ ਦੇ ਕਿਸਾਨਾਂ ਨੂੰ ਇਕ ਸਾਲ ਤੱਕ ਦਿੱਲੀ ਦੇ ਬਾਰਡਰਾਂ ’ਤੇ ਰੋਲਿਆ ਗਿਆ ਤੇ ਕਿਸਾਨਾਂ ਦੇ ਏਕੇ ਕਾਰਨ ਹੀ ਬਿੱਲ ਵਾਪਿਸ ਕਰਨੇ ਪਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਕੇ ਹੁਣ ਵੋਟਾਂ ਲੈਣ ਪੰਜਾਬ ਆ ਰਿਹਾ ਹੈ, ਜਿਸਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜਥੇਬੰਦੀ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ ਤੇ ਥਾਂ ਥਾਂ ਯੂਨੀਅਨ ਵੱਲੋਂ ਪ੍ਰਧਾਨ ਮੰਤੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।