ਖੇਤਰੀ ਪ੍ਰਤੀਨਿਧ
ਪਟਿਆਲਾ, 11 ਜੁਲਾਈ
2004 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਰੁਣ ਸੇਖੜੀ ਨੇ ਅੱਜ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਡਿਵੀਜ਼ਨਲ ਕਮਿਸ਼ਨਰ ਸਮੇਤ ਉਹ ਪੰਜਾਬ ਦੇ ਕਿਰਤ ਕਮਿਸ਼ਨਰ ਵਜੋਂ ਵੀ ਸੇਵਾ ਨਿਭਾਉਂਦੇ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸ.ਐੱਸ.ਪੀ. ਦੀਪਕ ਪਾਰੀਕ, ਏਡੀਸੀ ਗੌਤਮ ਜੈਨ, ਗੁਰਪ੍ਰੀਤ ਥਿੰਦ ਤੇ ਈਸ਼ਾ ਸਿੰਘਲ ਸਮੇਤ ਐੱਸ.ਡੀ.ਐੱਮਜ਼ ਡਾ. ਇਸਮਤ ਵਿਜੇ ਸਿੰਘ ਤੇ ਕ੍ਰਿਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਵੀ ਸ੍ਰੀ ਸੇਖੜੀ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਨੇ ਗਾਰਡ ਆਫ ਆਨਰ ਵਜੋਂ ਸਲਾਮੀ ਵੀ ਦਿੱਤੀ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਇਸ ਮੌਕੇ ਹੀ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਦਿਆਂ, ਜ਼ਿਲ੍ਹੇ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਉਹ ਵੀ ਜਲਦ ਹੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣਗੇ। ਕਮਿਸ਼ਨਰ ਨੇ ਇਤਿਹਾਸਕ ਧਾਰਮਿਕ ਸਥਾਨਾਂ ’ਤੇ ਮੱਥਾ ਵੀ ਟੇਕਿਆ।