ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿੱਚ ਤਾਇਨਾਤ ਸਹਾਇਕ ਸਬ-ਇਸਪੈਕਟਰ (ਏਐੱਸਆਈ) ਮਨਜੀਤ ਸਿੰਘ ਨੂੰ 15,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਹੈ। ਉਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐੱਸਆਈ ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐੱਸਆਈ ਮਨਜੀਤ ਸਿੰਘ ਉਸ ਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸ ਦੇ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਮਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।