ਨਿਜੀ ਪੱਤਰ ਪ੍ਰੇਰਕ
ਸੰਗਰੂਰ, 1 ਫਰਵਰੀ
ਜ਼ਿਲ੍ਹੇ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਨੇ ਕੁੱਲ 30 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅਧੀਨ ਪੈਂਦੇ ਪੰਜ ਵਿਧਾਨ ਸਭਾ ਹਲਕਿਆਂ ’ਚ ਉਮੀਦਵਾਰਾਂ ਵਲੋਂ 30 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ’ਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 115 ਹੋ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਸਮਾਪਤ ਹੋ ਗਈ ਹੈ। ਭਲਕੇ 2 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ।
ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ ਸ਼ਹਿਰ ਵਿੱਚ ਅੱਜ ਵੀ ਜ਼ਿਲ੍ਹੇ ਦੇ ਚਾਰ ਹਲਕਿਆਂ ਦੇ ਕਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ। ਇਨ੍ਹਾਂ ਵਿੱਚੋਂ ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ ਨੇ ਆਪਣੇ ਪਿਤਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪਰਚੇ ਦਾਖ਼ਲ ਕੀਤੇ। ਇੰਜ ਹੀ ਡਾ. ਧਰਮਿੰਦਰ ਸਪੋਲੀਆ ਨੇ ਆਪਣੀ ਪਤਨੀ ਡਾ. ਅਜੀਤਾ ਤੇ ਹੋਰਾਂ ਨੂੰ ਨਾਲ ਲੈ ਕੇ ਸੰਯੁਕਤ ਸਮਾਜ ਮੋਰਚਾ ਵੱਲੋਂ ਅਤੇ ਤੇਜਿੰਦਰਪਾਲ ਸੈਣੀ ਨੇ ਪੀਪਲਜ਼ ਪਾਰਟੀ ਆਫ ਡੈਮੋਕ੍ਰੇਟਿਕ ਵਲੋਂ ਨਾਮਜ਼ਦਗੀ ਫਾਰਮ ਭਰੇ। ਕੁਝ ਉਮੀਦਵਾਰਾਂ ਨੇ ਵੀ ਕਾਗਜ਼ ਦਾਖਲ ਕੀਤੇ। ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਨਾਮਜ਼ਦਗੀ ਫਾਰਮ ਭਰਨ ਵਾਲਿਆਂ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਮੱਖਣ ਸਿੰਘ ਸਹੌਲੀ ਤੇ ਹੋਰਾਂ ਦੇ ਨਾਮ ਸ਼ਾਮਲ ਹਨ। ਉਧਰ ਹਲਕਾ ਘਨੌਰ ਲਈ ਵੀ ਪਟਿਆਲਾ ਵਿੱਚ ਹੀ ਅੱਜ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਨੇ ਕਾਗਜ ਭਰੇ। ਉਨ੍ਹਾਂ ਦੀ ਪਤਨੀ ਡਾ. ਰਣਬੀਰ ਕੌਰ ਭੰਗੂ (ਪੀਐੱਚਡੀ) ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਫਾਰਮ ਦਾਖਲ ਕੀਤੇ ਹਨ। ਘਨੌਰ ਤੋਂ ‘ਆਪ’ ਉਮੀਦਵਾਰ ਗੁਰਲਾਲ ਸਿੰਘ ਘਨੌਰ ਨੇ ਵੀ ਅੱਜ ਹੀ ਨਾਮਜ਼ਦਗੀ ਫਾਰਮ ਦਾਖਲ ਕਰਵਾਏ ਹਨ।
ਰਾਜਪੁਰਾ (ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅੱਜ ਰਿਟਰਨਿੰਗ ਅਫਸਰ ਰਾਜਪੁਰਾ ਡਾ. ਸੰਜੀਵ ਕੁਮਾਰ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਨਵਨੀਤ ਕੌਰ ਬਰਾੜ, ਲੋਕ ਇਨਸਾਫ ਪਾਰਟੀ ਵੱਲੋਂ ਅਵਤਾਰ ਸਿੰਘ ਹਰਪਾਲਪੁਰ ਜਦੋਂਕਿ ਹਰਵਿੰਦਰ ਸਿੰਘ, ਹਰਿੰਦਰ ਸਿੰਘ, ਗੁਰਸੇਵਕ ਸਿੰਘ, ਪਰਵੀਨ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅਵਤਾਰ ਸਿੰਘ ਹਰਪਾਲਪੁਰ ਲੋਕ ਇਨਸਾਫ ਪਾਰਟੀ ਵੱਲੋਂ ਅਤੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਵਲੋਂ ਜਸਵਿੰਦਰ ਧੀਮਾਨ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਅੱਜ ਬਗਾਵਤ ਦਾ ਝੰਡਾ ਚੁੱਕਦਿਆਂ ਦਮਨ ਥਿੰਦ ਬਾਜਵਾ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਵੱਲੋਂ ਆਪਣੀ ਪਤਨੀ ਕ੍ਰਿਸ਼ਨਾ ਗਰਗ ਨੂੰ ਨਾਲ ਲੈ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਪਾਤੜਾਂ (ਪੱਤਰ ਪ੍ਰੇਰਕ): ਹਲਕਾ ਸ਼ੁਤਰਾਣਾ ਤੋਂ ਸੰਯੁਕਤ ਸਮਾਜ ਮੋਰਚਾ ਅਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਅਮਰਜੀਤ ਸਿੰਘ ਘੱਗਾ ਨੇ ਆਪਣੇ ਨਾਮਜ਼ਦਗੀ ਕਾਗਜ਼ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਹਾਜ਼ਰੀ ਚੋਣ ਅਧਿਕਾਰੀ ਐੱਸਡੀਐੱਮ ਪਾਤੜਾਂ ਅੰਕੁਰਜੀਤ ਸਿੰਘ ਕੋਲ ਦਾਖਲ ਕੀਤੇ।