ਪਿੰਡ ਹਥਨ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਾਗਮ
ਨਸ਼ੇ ਖ਼ਤਮ ਕਰਨ ਲਈ ਸਹਿਯੋਗ ਕਰਨ ਲੋਕ: ਐੱਸਐੱਸਪੀ
Advertisement
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਵੱਲੋਂ ਪ੍ਰਾਜੈਕਟ ‘ਸੰਪਰਕ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕਰਨ ਅਤੇ ਪੁਲੀਸ ਨਾਲ ਆਮ ਲੋਕਾਂ ਦੇ ਤਾਲਮੇਲ ਹੋਰ ਵਧਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਤਹਿਤ ਅੱਜ ਪਿੰਡ ਹਥਨ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪ੍ਰਾਜੈਕਟ ‘ਸੰਪਰਕ’ ਦਾ ਮੁੱਖ ਉਦੇਸ਼ ਪੁਲੀਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲੀਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ ਅਤੇ ਮੀਟਿੰਗਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪੁਲੀਸ ਮੁਖੀ ਨੇ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਹਥਨ ਦੇ ਸਰਪੰਚ ਕਮਲਜੀਤ ਸਿੰਘ, ਡੀਐੱਸਪੀ ਕੁਲਦੀਪ ਸਿੰਘ, ਐੱਸਐੱਚਓ ਸੰਦੌੜ ਇੰਸਪੈਕਟਰ ਗਗਨਦੀਪ ਸਿੰਘ ਤੇ ਪੰਚ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement