ਭਾਰਤ ਅਤੇ ਅਮਰੀਕਾ ਵਿੱਚ ਹੋਣ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਲੋਕ ਮੋਰਚਾ ਪੰਜਾਬ ਵੱਲੋਂ ਪਿੰਡ ਕੁਠਾਲਾ ’ਚ ਭਰਵੀਂ ਚੇਤਨਾ ਰੈਲੀ ਕੀਤੀ ਗਈ। ਰੈਲੀ ਵਿੱਚ ਇਲਾਕੇ ਭਰ ਤੋਂ ਕਿਸਾਨ, ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸਤਨਾਮ ਦੀਵਾਨਾ ਨੇ ਭਾਰਤ ਅਮਰੀਕਾ ਦਰਮਿਆਨ ਹੋ ਰਹੇ ਵਪਾਰ ਸਮਝੌਤੇ ਨੂੰ ਭਾਰਤੀ ਲੋਕਾਂ ਲਈ ਬੇਹੱਦ ਘਾਤਕ ਦੱਸਦਿਆਂ ਕਿਹਾ ਕਿ ਇਸ ਸਮਝੌਤੇ ਰਾਹੀਂ ਅਮਰੀਕਾ ਵੱਲੋਂ ਭਾਰਤ ’ਤੇ ਅਮਰੀਕੀ ਵਸਤਾਂ ਲਈ ਆਪਣੀਆਂ ਦਰਾਮਦ ਡਿਊਟੀਆਂ ਘੱਟ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਿਸ ਨਾਲ ਭਾਰਤੀ ਖੇਤੀ ਮੰਡੀ ਅਮਰੀਕੀ ਉਤਪਾਦਾਂ ਲਈ ਖੁੱਲ੍ਹ ਜਾਵੇਗੀ ਅਤੇ ਭਾਰਤੀ ਕਿਸਾਨ ਤਬਾਹ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਾਰੇ ਸਮਝੌਤੇ ਰੱਦ ਕੀਤੇ ਜਾਣ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਮਪੁਰ, ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ, ਜਗਰੂਪ ਸਿੰਘ ਖੁਰਦ, ਗੁਰਪਰੀਤ ਸਿੰਘ ਹਥਨ ਅਤੇ ਮਜ਼ਦੂਰ ਆਗੂ ਮੇਜਰ ਸਿੰਘ ਹਥਨ ਸਮੇਤ ਸਥਾਨਕ ਕਿਸਾਨ ਆਗੂ ਵੀ ਮੌਜੂਦ ਸਨ।