ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ
ਪਵਨ ਕੁਮਾਰ ਵਰਮਾ
ਧੂਰੀ, 27 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਗਰਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਵਿਜੇ ਕੁਮਾਰ ਅਹੀਰ ਨੇ ਕਿਹਾ ਕਿ ਨਸ਼ੇ ਦਾ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਨੁਕਸਾਨ ਕਰਨ ਦੇ ਨਾਲ ਨਾਲ ਆਰਥਿਕ ਤੌਰ ’ਤੇ ਵੀ ਵੱਡਾ ਨੁਕਸਾਨ ਕਰਦਾ ਹੈ। ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਨੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਵਿਦਿਆਰਥੀਆਂ ਨੂੰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀ ਵਰਗ ਅਹਿਮ ਯੋਗਦਾਨ ਪਾਉਣ ਦੇ ਸਮਰੱਥ ਹੈ। ਇਸ ਸਮੇਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਕਾਲਜ ਸਟਾਫ ਵਿੱਚੋਂ ਡਾ. ਕਰਮਜੀਤ ਸਿੰਘ, ਡਾ. ਗਗਨਦੀਪ ਸਿੰਘ, ਕੰਨਗੋ ਧੂਰੀ ਸਤਿੰਦਰ ਪਾਲ ਸਿੰਘ ਪੰਨੂ, ਉਪ ਮੰਡਲ ਮੈਜਿਸਟਰੇਟ ਦਫਤਰ ਧੂਰੀ ਤੋਂ ਸੁਮੀਤ ਗੋਇਲ ਤੋਂ ਇਲਾਵਾ ਅਸ਼ੋਕ ਕੁਮਾਰ ਐੱਸ.ਆਈ. ਕਾਂਝਲਾ, ਹੈਲਥ ਵਰਕਰ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨੀਰਜ ਕੁਮਾਰ ਮੌਜੂਦ ਸਨ।
 
 
             
            