ਰਮੇਸ਼ ਭਾਰਦਵਾਜ
ਲਹਿਰਾਗਾਗਾ, 1 ਜੁਲਾਈ
‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਜਾਰੀ ਆਰਡੀਨੈਂਸ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਲਈ ਰਾਹ ਪੱਧਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਤੇ ਕੇੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਦੋਗਲੀ ਨਿਤੀ ਦੀ ਥਾਂ ਕੇਂਦਰ ਸਰਕਾਰ ’ਚੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਕਿਸਾਨਾਂ ਦੇ ਪੱਖ ’ਚ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ ਹੈ। ਅੱਜ ਇਥੇ ਪਿੰਡ ਰਾਮਗੜ੍ਹ ਸੰਧੂਆਂ ’ਚ ਹਲਕੇ ਦੇ ਵਾਲੰਟੀਅਰਾਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ, ਮੰਡੀਕਰਨ ਨੂੰ ਖਤਮ ਕਰਕੇ ਅਤੇ ਪੰਜਾਬ ਦੀਆਂ ਜ਼ਮੀਨਾਂ ਦੇ ਕਲੱਸਟਰ ਬਣਾ ਕੇ ਜ਼ਮੀਨਾ ਖੋਹਣ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਰਕਨ ਖਤਮ ਕਰਨ ਨਾਲ ਪੰਜਾਬ ਦੇ 30 ਹਜ਼ਾਰ ਆੜ੍ਹਤੀ ਅਤੇ ਪੱਲੇਦਾਰ ਖਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਆਮਦਨ ਹੋਣ ਤੋਂ ਹੱਥ ਖੜ੍ਹੇ ਕਰ ਦਿੱਤੇ ਸੀ ਪਰ ਮੰਡੀਕਰਨ ਬੋਰਡ ਨੇ 4000 ਕਰੋੜ ਰੁਪਏ ਕਮਾ ਕੇ ਸਰਕਾਰ ਨੂੰ ਦਿੱਤੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਬਾਦਲਾਂ ਦੀ ਦੋਹਰੀ ਨੀਤੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਬੀਬਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ’ਤੇ ਕਰੋਨਾ ਮਹਾਮਾਰੀ ਵਿੱਚ ਢੁੱਕਵੇਂ ਪ੍ਰਬੰਧ ਨਾ ਕਰਨ ਦਾ ਦੋਸ਼ ਲਾਉਂਦੇ ਕਿਹਾ ਕਿ ਸੂਬਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਬਿਲ ਵਧਾਉਣ, ਲੋਕਾਂ ਨੂੰ ਈਐੱਮਆਈ ਦੀਆਂ ਕਿਸ਼ਤਾਂ ਭਰਨ ਲਈ ਮਜ਼ਬੂਰ ਕਰਨ ਤੇ ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਕੂਲੀ ਫੀਸ ਦੇਣ ਵਰਗੇ ਤੇ ਕਰਮਚਾਰੀਆਂ ਦੀਆਂ ਤਨਖਾਹਾਂ ਕੱਟਣ ਵਾਲੀ ਸੋਚ ਰੱਖਣ ਵਾਲੀ ਕੈਪਟਨ ਸਰਕਾਰ ਨੂੰ ਰਾਜ ਕਰਨ ਦਾ ਕੋਈ ਅਧਿਕਾਰ ਨਹੀਂ ਹੈ।