ਸੰਗਰੂਰ (ਗੁਰਦੀਪ ਸਿੰਘ ਲਾਲੀ): ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਆਡੀਟੋਰੀਅਮ ਵਿੱਚ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 2 ਵਿਧਾਨ ਸਭਾ ਹਲਕਿਆਂ ਦੇ ਕਾਊਂਟਿੰਗ ਸਟਾਫ਼ ਨੂੰ ਵੋਟਾਂ ਦੀ ਗਿਣਤੀ ਮੌਕੇ ਅਪਣਾਈ ਜਾਣ ਵਾਲੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਮਾਈਕਰੋ ਅਬਜ਼ਰਵਰ, ਕਾਊਟਿੰਗ ਸਹਾਇਕ ਤੇ ਕਾਊਂਟਿੰਗ ਸੁਪਰਵਾਈਜ਼ਰਾਂ ਨੇ ਹਿੱਸਾ ਲਿਆ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਨੂੰ ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਵੋਟਾਂ ਦੀ ਗਿਣਤੀ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦਾ ਸਮੁੱਚਾ ਕਾਰਜ ਪੂਰੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾਣਾ ਹੈ, ਜਿਸ ਸਬੰਧੀ ਅੱਜ ਟਰੇਨਿੰਗ ਦੌਰਾਨ ਮਾਸਟਰ ਟਰੇਨਰ ਦੁਆਰਾ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਬਾਰੇ ਸਮੂਹ ਪੋਲਿੰਗ ਸਟਾਫ਼ ਨੂੰ ਜਾਣੂ ਕਰਵਾਇਆ ਗਿਆ।