ਪੱਤਰ ਪ੍ਰੇਰਕ
ਭਵਾਨੀਗੜ੍ਹ, 23 ਅਗਸਤ
ਇੱਥੋਂ ਨੇੜਲੇ ਪਿੰਡ ਪੰਨਵਾਂ ਦੇ ਵਿਅਕਤੀ ਚਰਨਜੀਤ ਸਿੰਘ ਨੇ ਕੁਝ ਵਿਅਕਤੀਆਂ ਵੱਲੋਂ ਸਾਂਝੀ ਗਲੀ ਵਿੱਚ ਕੰਧ ਕੱਢ ਕੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਨ ਖ਼ਿਲਾਫ਼ ਅੱਜ ਇੱਥੇ ਐੱਸਡੀਐੱਮ ਦਫ਼ਤਰ ਭਵਾਨੀਗੜ੍ਹ ਅੱਗੇ ਨੰਗੇ ਧੜ ਰੋਸ਼ ਪ੍ਰਦਰਸ਼ਨ ਕੀਤਾ।
ਇਸ ਮੌਕੇ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਦਿਲ ਦੀ ਬਿਮਾਰੀ ਨਾਲ ਜੂਝ ਰਿਹਾ ਹੈ ਤੇ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ। ਚਰਨਜੀਤ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਦੀ ਜਗ੍ਹਾ, ਉਨ੍ਹਾਂ ਦੀ ਜਗ੍ਹਾ ਤੋਂ ਅੱਗੇ ਲੱਗਦੀ ਹੈ।
ਉਸ ਨੇ ਦੱਸਿਆ ਕਿ ਉਕਤ ਵਿਅਕਤੀ ਕਥਿਤ ਰੂਪ ਵਿੱਚ ਗਲੀ ’ਚ ਕੰਧ ਕੱਢ ਕੇ ਨਾਜਾਇਜ਼ ਕਬਜ਼ਾ ਕਰ ਰਹੇ ਹਨ। ਚਰਨਜੀਤ ਸਿੰਘ ਨੇ ਦੱਸਿਆ ਕਿ ਇਨਸਾਫ਼ ਲੈਣ ਲਈ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਉੱਚ ਅਧਿਕਾਰੀਆਂ ਸਮੇਤ ਪੁਲੀਸ ਅਧਿਕਾਰੀਆਂ ਨੂੰ ਵੀ ਅਰਜ਼ੀਆਂ ਭੇਜੀਆਂ ਹਨ, ਪਰ ਮਹੀਨੇ ਤੋਂ ਵੱਧ ਸਮਾਂ ਬੀਤਣ ’ਤੇ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ।
ਇਸ ਸਬੰਧੀ ਐੱਸਡੀਐੱਮ ਵਿਨੀਤ ਕੁਮਾਰ ਨੇ ਕਿਹਾ ਕਿ ਉਕਤ ਵਿਅਕਤੀ ਦੀ ਗੱਲਬਾਤ ਸੁਣਨ ਮਗਰੋਂ ਮਸਲੇ ਦਾ ਹੱਲ ਕਰਨ ਲਈ ਡੀਐੱਸਪੀ ਤੇ ਤਹਿਸੀਲਦਾਰ ਦੀ ਡਿਊਟੀ ਲਗਾ ਦਿੱਤੀ ਗਈ ਹੈ।