ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 28 ਮਾਰਚ
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੇ ਟੌਲ ਪਲਾਜ਼ਾ ਕਾਲਾਝਾੜ ’ਤੇ ਅੱਜ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਚੱਕਾ ਜਾਮ ਕੀਤਾ ਗਿਆ।
ਇਸ ਮੌਕੇ ਟੌਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕੰਪਨੀਆਂ ਟੌਲ ਪਲਾਜ਼ਾ ਬੰਦ ਰਹਿਣ ਕਾਰਨ ਆਪਣੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਹੀਂ ਦੇ ਰਹੀਆਂ। ਕੇਂਦਰ ਸਰਕਾਰ ਅਤੇ ਸੂਬੇ ਦੀਆਂ ਸਰਕਾਰਾਂ ਨੇ ਟੌਲ ਪਲਾਜ਼ਾ ਕੰਪਨੀਆਂ ਨਾਲ ਰੋਡ ਇਕਰਾਰਨਾਮੇ ਅਨੁਸਾਰ ਵੱਡੇ ਮੁਨਾਫੇ ਟੌਲ ਕੰਪਨੀਆਂ ਨਾਲ ਕੀਤੇ ਹੋਏ ਹਨ ਜਿਸ ਨਾਲ ਦੇਸ਼ ਦੇ ਲੋਕਾਂ ਦੀਆਂ ਜੇਬਾਂ ਵਿਚ ਸਿੱਧੇ ਤੌਰ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਕਰਾਰਨਾਮੇ ਅਨੁਸਾਰ ਟੌਲ ਬੰਦ ਹੋਣ ’ਤੇ ਵੀ ਕੰਪਨੀਆਂ ਨੂੰ ਸਰਕਾਰ ਦੁੱਗਣਾ ਮੁਆਵਜ਼ਾ ਦਿੰਦੀਆਂ ਹਨ ਪਰ ਟੌਲ ਕੰਪਨੀਆਂ ਵਰਕਰਾਂ ਦੇ ਬਣਦੇ ਹੱਕ ਨਹੀਂ ਦਿੰਦੀਆਂ। ਟੌਲ ਫੀਸਾਂ ਵਸੂਲਣ ਦੀ ਬਾਵਜੂਦ ਲੋਕਾਂ ਨੂੰ ਬਣਦੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾਂਦੀਆਂ।
ਉਨ੍ਹਾਂ ਕਿਹਾ ਕਿ ਜੇਕਰ ਟੌਲ ਪਲਾਜ਼ਾ ਕੰਪਨੀਆਂ ਨੇ ਵਰਕਰਾਂ ਦੇ ਰਹਿੰਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਕੰਪਨੀਆਂ ਨੂੰ ਕੰਪਨਸੈਸ਼ਨ ਦੇ ਤੌਰ’ ਤੇ ਵੱਡੇ ਮੁਨਾਫੇ ਨਹੀਂ ਲੈਣ ਦਿੱਤੇ ਜਾਣਗੇ ਅਤੇ ਨਾ ਹੀ ਟੌਲ ਪਲਾਜ਼ਿਆਂ ਨੂੰ ਚੱਲਣ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਅਜੈਬ ਸਿੰਘ ਲੱਖੇਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਟੌਲ ਪਲਾਜ਼ਾ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਧਰਨੇ ਵਿੱਚ ਨਰੈਣ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ, ਰਾਜਿੰਦਰ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ ਅਤੇ ਹਰਪਾਲ ਸਿੰਘ ਗਹਿਲਾਂ ਆਦਿ ਹਾਜ਼ਰ ਸਨ।
ਇਸੇ ਦੌਰਾਨ ਭਵਾਨੀਗੜ੍ਹ ਦੇ ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਨੇ ਦੱਸਿਆ ਕਿ ਇਸ ਸਬੰਧੀ ਕੰਪਨੀ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ ਉਨ੍ਹਾਂ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਹੈ।