ਬਠੋਈ ਜ਼ਮੀਨ ਵਿਵਾਦ: ਸੂਬਾ ਕਮੇਟੀ ਵੱਲੋਂ ਪਿੰਡ ਦਾ ਦੌਰਾ
ਪੱਤਰ ਪ੍ਰੇਰਕ
ਪਟਿਆਲਾ, 20 ਜੂਨ
ਪਿੰਡ ਬਠੋਈ ਕਲਾਂ ਦੇ ਜ਼ਮੀਨ ਸਬੰਧੀ ਮਸਲੇ ਨੂੰ ਲੈ ਕੇ ਅੱਜ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਬਠੋਈ ਪਿੰਡ ਦਾ ਦੌਰਾ ਕੀਤਾ ਤੇ ਜ਼ਮੀਨ ਨਾਲ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਜਿਸ ਵਿੱਚ ਪਿੰਡ ਦੇ ਕਿਸਾਨ, ਮਜ਼ਦੂਰ ਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਸੂਬਾ ਪ੍ਰਧਾਨ ਵੱਲੋਂ ਇਸ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਦੇ ਰੋਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸਲ ਵਿੱਚ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਫੁੱਟ ਪਾ ਕੇ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਇਸ਼ਾਰਾ ਕੀਤਾ ਕਿ ‘ਆਪ’ ਵੱਲੋਂ ਲੈਂਡ ਬੈਂਕ ਬਣਾ ਕੇ ਸ਼ਾਮਲਾਤ, ਪੰਚਾਇਤੀ ਅਤੇ ਹੋਰ ਜ਼ਮੀਨਾਂ ਤੇ ਕਬਜ਼ਾ ਕਰਕੇ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀਆਂ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੂਬਾ ਕਮੇਟੀ ਵੱਲੋਂ ਮਜ਼ਦੂਰਾਂ ਭਾਈਚਾਰੇ ਨਾਲ ਵੱਖਰੀ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਹੱਲ ਦਾ ਭਰੋਸਾ ਦਿੱਤਾ।