ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 2 ਮਾਰਚ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਭਰਵੀਂ ਗਿਣਤੀ ’ਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਅਤੇ ਹਰਿਆਣਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ, ਜਿਸ ਕਾਰਨ ਸਰਕਾਰ ਇਸ ਬੋਰਡ ਵਿੱਚ ਭਾਰਤ ਦੇ ਉਨ੍ਹਾਂ ਸੂਬਿਆਂ ਨੂੰ ਨੁਮਾਇੰਦਗੀ ਦੇਣ ਦਾ ਰਾਹ ਪੱਧਰਾ ਕਰ ਰਹੀ ਹੈ, ਜਿਨਾਂ ਦਾ ਇਸ ਬੋਰਡ ਨਾਲ ਕੋਈ ਸਬੰਧ ਨਹੀਂ ਹੈ, ਜਦੋਂਕਿ ਇਹ ਬੋਰਡ ਪੰਜਾਬ ਦੀ ਧਰਤੀ ’ਤੇ ਬਣਿਆ ਹੋਇਆ ਹੈ। ਇਸ ਫ਼ੈਸਲੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੰਜਾਬ ਵੱਲੋਂ 5 ਮਾਰਚ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਂ ਦੱਸਿਆ ਕਿ ਜਥੇਬੰਦੀ ਵੱਲੋਂ 8 ਮਾਰਚ ਨੂੰ ਇਸਤਰੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ।
ਲਹਿਰਾਗਾਗਾ (ਪੱਤਰ ਪ੍ਰੇਰਕ): ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਦੀ ਅਗਵਾਈ ਹੇਠ ਬਲਾਕ ਦੀਆਂ ਪਿੰਡ ਇਕਾਈਆਂ ਦੀ ਮੀਟਿੰਗ ਹੋਈ। ਇਸ ਦੌਰਾਨ 5 ਮਾਰਚ ਨੂੰ ਸੰਗਰੂਰ ਵਿੱਚ ਰੱਖੇ ਜ਼ਿਲ੍ਹਾ ਪੱਧਰੀ ਰੋਸ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬਿਜਲੀ ਮੁਲਾਜ਼ਮ ਵੀ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕਰਨਗੇ ਸੰਘਰਸ਼
ਪਟਿਆਲਾ (ਖੇਤਰੀ ਪ੍ਰਤੀਨਿਧ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਨੇ ਇਸ ਫੈਸਲੇ ਨੂੰ ਪੰਜਾਬ ਦੇ ਹਿੱਤਾਂ ’ਤੇ ਡਾਕਾ ਕਰਾਰ ਦਿੰਦਿਆਂ ਇਹ ਫੈਸਲਾ ਵਾਪਸ ਕਰਵਾਉਣ ਲਈ ਫੋਰਮ ਵੱਲੋਂ ਕਿਸਾਨ ਤੇ ਹੋਰ ਭਰਾਤਰੀ ਜਥੇਬੰਦੀਆਂ ਨਾਲ ਸਾਂਝੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।