ਪੱਤਰ ਪ੍ਰੇਰਕ
ਸ਼ੇਰਪੁਰ, 5 ਮਾਰਚ
ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਿਗੀ ਖ਼ਤਮ ਕਰਨ ਵਿਰੁੱਧ 7 ਮਾਰਚ ਦੇ ਜ਼ਿਲ੍ਹਾ ਪੱਧਰੀ ਮੁਜ਼ਾਹਰਿਆਂ ਵਿੱਚ ਭਰਵੀਂ ਸ਼ਮੂਲੀਅਤ ਲਈ ਕਿਰਤੀ ਕਿਸਾਨ ਯੂਨੀਅਨ ਨੇ ਜਹਾਂਗੀਰ ਵਿੱਚ ਚੋਣਵੇਂ ਆਗੂਆਂ ਦੀ ਮੀਟਿੰਗ ਕਰਕੇ ਕਿਸਾਨਾਂ ਨੂੰ ਤਕੜੀ ਲਾਮਬੰਦੀ ਕਰਕੇ ਸੰਘਰਸ਼ਾਂ ਦੇ ਅਖਾੜਿਆਂ ਵਿੱਚ ਨਿੱਤਰਨ ਦਾ ਸੱਦਾ ਦਿੱਤਾ।
ਜਥੇਬੰਦੀ ਦੇ ਆਗੂ ਅਵਤਾਰ ਸਿੰਘ ਘਨੌਰੀ ਖੁਰਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾਈ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਇਨ੍ਹਾਂ ਜ਼ਿਲ੍ਹਾ ਪੱਧਰੀ ਧਰਨਿਆਂ ਵਿੱਚ ਵਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਧੂਰੀ ਮਿੱਲ ਮੈਨੇਜਮੈਂਟ ਵੱਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ’ਚ ਆਨਾਕਾਨੀ ਕਰਨ ਸਬੰਧੀ ਮਾਮਲਾ ਕਿਸਾਨ ਆਗੂਆਂ ਦੇ ਧਿਆਨ ਵਿੱਚ ਲਿਆਂਦਾ, ਜਿਸ ਸਬੰਧੀ ਲੌਂਗੋਵਾਲ ਨੇ ਇੱਕ ਹਫ਼ਤੇ ਮਗਰੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਤਾਲਮੇਲ ਕੀਤੇ ਜਾਣ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਡਿਊਟੀ ਲਗਾਈ ਅਤੇ ਰਾਏ ਮਸ਼ਵਰੇ ਮਗਰੋਂ ਸੰਘਰਸ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੜਨ ਦਾ ਐਲਾਨ ਕੀਤਾ।
ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਸਬੰਧੀ ਤਿਆਰੀਆਂ ਤੇਜ਼
ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬ ਦੀਆਂ 25 ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਤਹਿਤ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਦਿੱਤੇ ਜਾਣ ਵਾਲੇ ਧਰਨਿਆਂ ਦੀ ਤਿਆਰੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਇਥੇ ਨਹਿਰੂ ਪਾਰਕ ਵਿੱਚ ਮੀਟਿੰਗ ਦੌਰਾਨ ਰੂਪ-ਰੇਖਾ ਉਲੀਕੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੂੰ ਬਲਾਕ ਪੱਧਰ ’ਤੇ ਵੱਖ-ਵੱਖ ਪੱਧਰ ’ਤੇ ਡਿਊਟੀਆਂ ਸੌਂਪੀਆਂ ਗਈਆਂ। ਧਰਨਾ ਦੇਣ ਤੋਂ ਬਾਅਦ ਰੋਸ ਮਾਰਚ ਕਰਕੇ ਕਿਸਾਨੀ ਮੰਗਾਂ ਲਈ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਦੇ ਰਾਹੀਂ ਮੰਗ ਪੱਤਰ ਵੀ ਭੇਜਿਆ ਜਾਵੇਗਾ। ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਦਾ ਕਹਿਣਾ ਕਿ ਇਨ੍ਹਾਂ ਮੰਗਾਂ ਵਿੱਚ ਉਚੇਚੇ ਤੌਰ ਉੱਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਕੇਂਦਰ ਅਧੀਨ ਕਰ ਲੈਣ, ਚੰਡੀਗੜ੍ਹ ਰਾਜਧਾਨੀ ਵਿੱਚ ਪ੍ਰਸ਼ਾਸਨਿਕ ਹਿੱਸਾ ਘਟਾਉਣ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਮੋਰਚੇ ਨਾਲ ਹੋਏ ਸਮਝੌਤੇ ਦੀਆਂ ਮੰਗਾਂ ਫੌਰੀ ਲਾਗੂ ਕਰਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।