ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 2 ਮਈ
ਈਦ-ਉਲ-ਫ਼ਿਤਰ ਮੌਕੇ ਭਲਕੇ ਸਥਾਨਕ ਵੱਡੀ ਈਦਗਾਹ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਮੂਲੀਅਤ ਕਰ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਜਤਿੰਦਰ ਜੋਰਵਾਲ ਨੇ ਈਦ-ਉਲ-ਫ਼ਿਤਰ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐੱਸ.ਪੀ. ਇਨਵੈਸਟੀਗੇਸ਼ਨ ਰਮਨੀਸ਼ ਕੁਮਾਰ, ਉਪ ਕਪਤਾਨ ਪੁਲੀਸ ਇਨਵੈਸਟੀਗੇਸ਼ਨ ਸ੍ਰੀ ਸੌਰਵ ਜਿੰਦਲ, ਸਬ ਡਵੀਜ਼ਨ ਮੈਜਿਸਟ੍ਰੇਟ ਜਸਬੀਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਰੂਪਪ੍ਰੀਤ ਕੌਰ, ਤਹਿਸੀਲਦਾਰ ਹਰਫੂਲ ਸਿੰਘ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ, ਐੱਸ.ਐੱਮ.ਓ. ਡਾਕਟਰ ਮਹਿਮੂਦ ਅਖ਼ਤਰ ਤੋਂ ਇਲਾਵਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਮਗਰੋਂ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨਾਲ ਵੱਡੀ ਈਦਗਾਹ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਰਮਜ਼ਾਨ ਦੇ ਮਹੀਨੇ ਦੇ ਰੋਜ਼ਿਆਂ ਦੇ ਖ਼ਤਮ ਹੋਣ ਤੇ ਰੱਬ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਸ਼ਹਿਰ ਦੀ ਵੱਡੀ ਈਦਗਾਹ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਸਮੁੱਚੇ ਪ੍ਰਬੰਧ ਕੋਵਿਡ ਪ੍ਰੋਟੋਕੋਲ ਤਹਿਤ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਪੀਣ ਵਾਲੇ ਪਾਣੀ, ਬਿਜਲੀ, ਬੈਰੀਕੇਡਿੰਗ ਅਤੇ ਵੀ.ਆਈ.ਪੀ.ਐਂਟਰੀ ਦਾਖ਼ਲੇ ਲਈ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।