ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਬਲਾਕ ਅੰਦਰ ਸ਼ਹੀਦ ਹੋਏ ਅੱਠ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਖ਼ਿਲਾਫ਼ ਭਾਕਿਯੂ ਏਕਤਾ ਉਗਰਾਹਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸ਼ਹੀਦ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ 7 ਦਸੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇੱਥੇ ਜਥੇਬੰਦੀ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਸੰਗਰੂਰ ਬਲਾਕ ਅੰਦਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਅੱਠ ਕਿਸਾਨ ਅਤੇ ਬੀਬੀਆਂ ਸ਼ਹੀਦ ਹੋ ਗਏ ਸਨ ਜਿਨ੍ਹਾਂ ਦਾ ਮੁਕੰਮਲ ਵੇਰਵਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਜਥੇਬੰਦੀ ਨਾਲ ਸਬੰਧਤ ਕਿਸਾਨਾਂ ਨੂੰ 7 ਦਸੰਬਰ ਤੋਂ ਪੱਕੇ ਰੋਸ ਧਰਨੇ ਦੀ ਤਿਆਰੀ ਲਈ ਪਿੰਡ-ਪਿੰਡ ਕਿਸਾਨਾਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ ਤਾਂ ਜੋ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਲੋੜੀਂਦਾ ਮੁਆਵਜ਼ਾ ਦਿਵਾਇਆ ਜਾ ਸਕੇ। ਮੀਟਿੰਗ ’ਚ ਵੱਖ-ਵੱਖ ਇਕਾਈਆਂ ਦੇ ਆਗੂਆਂ ’ਚ ਹੈਪੀ ਸ਼ੇਰੋਂ, ਬੂਟਾ ਸਿੰਘ ਲੌਂਗੋਵਾਲ, ਦਰਬਾਰਾ ਸਿੰਘ ਲੋਹਾਖੇੜਾ, ਕਿਲਾਭਰੀਆਂ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਸਿੰਘ ਮੰਗਵਾਲ, ਭੋਲਾ ਸਿੰਘ ਗੁਰਦਾਸਪੁਰਾ ਤੇ ਜਗਦੇਵ ਸਿੰਘ ਸ਼ਾਮਲ ਸਨ।