ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਤੀਜੇ ਦਿਨ ਵੀ ਬਲਾਕ ਦੇ 35 ਪਿੰਡਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੇੜੇ ਮੋਰਚੇ ਜਾਰੀ ਰੱਖੇ ਗਏ। ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਵਿਸ਼ੇਸ਼ ਤੌਰ ’ਤੇ ਪਿੰਡਾਂ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਸੰਸਾਰ ਬੈਂਕ ਨੇ 22 ਦਸੰਬਰ 2005 ਨੂੰ ਇੱਕ ਦਸਤਾਵੇਜ਼ ਜਾਰੀ ਕੀਤਾ ਸੀ। ਇਸ ਵਿੱਚ ਕਿਹਾ ਗਿਆ ਸੀ ਪਾਣੀ ਨਹਿਰੀ ਪਾਣੀ ਅਤੇ ਪੀਣ ਵਾਲੇ ਪਾਣੀ ਦੀ ਮਾਲਕੀ ਅਤੇ ਇਸ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਤੋਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲਾਂਭੇ ਕਰ ਕੇ ਇਸ ਦੀ ਮਾਲਕੀ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਜਾਵੇ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਸਤੂਆਣਾ ਸਾਹਿਬ ਵਿੱਚ ਗੋਬਿੰਦਰ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਸੂਬਾ ਆਗੂ ਜਨਕ ਸਿੰਘ ਭੁਟਾਲ ਅਤੇ ਜਗਤਾਰ ਕਾਲਾਝਾੜ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਜਾਗਰੂਕ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਇੱਥੇ ਧਰਨੇ ਨੂੰ ਸੰਬੋਧਨ ਕਿਸਾਨ ਆਗੂਆਂ ਨੇ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਲਈ ਇਕੱਲੇ ਕਿਸਾਨ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ।
‘ਪਾਣੀ ਬਚਾਓ, ਖੇਤੀ ਬਚਾਓ’ ਵਿੱਚ ਔਰਤਾਂ ਵੀ ਅੱਗੇ ਆਈਆਂ
ਲਹਿਰਾਗਾਗਾ (ਪੱਤਰ ਪ੍ਰੇਰਕ): ‘ਪਾਣੀ ਬਚਾਓ, ਖੇਤੀ ਬਚਾਓ’ ਮੁਹਿੰਮ ਤਹਿਤ ਲੱਗੇ ਧਰਨੇ ਦੇ ਤੀਜੇ ਦਿਨ ਲਹਿਰਾਗਾਗਾ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੌਰ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨੂੰ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਪਾਣੀ ਖ਼ਤਮ ਕਰਨ ਵਾਲੇ ਰੁਝੇਵਿਆਂ ਨੂੰ ਤਿਆਗਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਔਰਤਾਂ ਵੱਲੋਂ ਪਾਣੀ ਦੀ ਘਰੇਲੂ ਖ਼ਪਤ ਘਟਾਉਣ ਅਤੇ ਸੰਜਮ ਨਾਲ ਵਰਤੋਂ ਸਬੰਧੀ ਸੁਝਾਅ ਦਿੱਤੇ ਜਾ ਰਹੇ ਹਨ। ਇਸ ਦੌਰਾਨ ਬੀਬੀਆਂ ਵੀ ਪਾਣੀ ਦੀ ਸੰਜਮ ਨਾਲ ਵਰਤੋਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਡਿਪਟੀ ਕਮਿਸ਼ਟਰ ਦੇ ਨਾਂ ਮੰਗ ਪੱਤਰ ਸੌਂਪਿਆ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਮਲੇਰਕੋਟਲਾ ਦੀਆਂ ਤਹਿਸੀਲਾਂ ਦੇ ਪਿੰਡਾਂ ਵਿੱਚ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਸਬੰਧੀ ਅੱਜ ਬੀਕੇਯੂ (ਉਗਰਾਹਾਂ) ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀਸੀ ਦੇ ਨਾਂ ਮੰਗ ਪੱਤਰ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਸੌਂਪਿਆ। ਯੂਨੀਅਨ ਨੇ ਮੰਗ ਕੀਤੀ ਹੈ ਕਿ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ।