ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 30 ਜੁਲਾਈ
ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਲਈ ਧੱਕੇ ਨਾਲ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਪਿੰਡ ਰਾਣਵਾਂ ਵਿੱਚ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਪੱਕਾ ਮੋਰਚਾ ਤਹਿਤ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਭਾਰਤ ਮਾਲਾ ਅਧੀਨ ਜੰਮੂ-ਕੱਟੜਾ ਹਾਈਵੇਅ ਅਧੀਨ ਬਣ ਰਹੀ ਸੜਕ ਸਬੰਧੀ ਨਿਗੂਣਾ ਮੁਆਵਜ਼ਾ ਦੇ ਕੇ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਇਸ ਖ਼ਿਲਾਫ਼ ਕਿਸਾਨ ਚਾਰ ਦਿਨ ਤੋਂ ਧਰਨੇ ’ਤੇ ਬੈਠੇ ਹਨ। ਆਗੂਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਮੀਨ ਗ੍ਰਹਿਣ ਮਾਮਲੇ ਵਿੱਚ ਜ਼ਮੀਨ ਦਾ ਮੁਆਵਜ਼ਾ ਤੈਅ ਕਰਨ ਵਿੱਚ ਕਾਣੀ ਵੰਡ ਕੀਤੀ ਜਾ ਰਹੀ ਹੈ ਤੇ ਦੂਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ-ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਇੱਕ ਕਾਂਗਰਸੀ ਆਗੂ ਦੀ ਖੇਤੀ ਯੋਗ ਜ਼ਮੀਨ ਨੂੰ ਵਪਾਰਕ ਖੇਤਰ ਵਿੱਚ ਪਾ ਕੇ ਕਰੋੜਾਂ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਵਪਾਰਕ ਜ਼ਮੀਨਾਂ ਨੂੰ ਖੇਤੀ ਯੋਗ ਜ਼ਮੀਨਾਂ ਦੱਸ ਕੇ ਵੱਧ ਮੁਆਵਜ਼ਾ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਆਗੂਆਂ ਕਿਹਾ ਕਿ ਜਿੱਥੇ ਜ਼ਮੀਨਾਂ ਐਕੁਆਇਰ ਹੋਣ ਨਾਲ ਖੇਤੀਯੋਗ ਜ਼ਮੀਨ ਘਟ ਰਹੀ ਹੈ, ਉੱਥੇ ਹੀ ਵੱਡੀ ਪੱਧਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਉਜਾੜਾ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਵੀ ਉਜਾੜਾ ਭੱਤਾ ਦਿੱਤਾ ਜਾਵੇ।