ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 1 ਅਗਸਤ
ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਭਾਰਤਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਜੰਮੂ-ਕੱਟੜਾ ਹਾਈਵੇਅ ਲਈ ਨਿਗੂਣਾ ਮੁਆਵਜ਼ਾ ਦੇ ਕੇ ਧੱਕੇ ਨਾਲ ਜ਼ਮੀਨ ਗ੍ਰਹਿਣ ਕਰਨ ਖ਼ਿਲਾਫ਼ ਨੇੜਲੇ ਪਿੰਡ ਰਾਣਵਾਂ ਦੇ ਪ੍ਰਭਾਵਿਤ ਪਰਿਵਾਰਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਦਿਨ-ਰਾਤ ਦੇ ਪੱਕੇ ਮੋਰਚੇ ਤਹਿਤ ਕਿਸਾਨਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਮਸਲੇ ਦੇ ਹੱਲ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਕਤ ਪ੍ਰਾਜੈਕਟ ਲਈ ਗ੍ਰਹਿਣ ਕੀਤੀ ਜਾ ਰਹੀ ਜ਼ਮੀਨ ਦੇ ਮੁਆਵਜ਼ੇ ਵਿੱਚ ਕਾਣੀ ਵੰਡ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕਈ ਥਾਵਾਂ ’ਤੇ ਇਸ ਪ੍ਰਾਜੈਕਟ ਲਈ ਰਸੂਖ਼ਦਾਰਾਂ ਦੀ ਗ੍ਰਹਿਣ ਕੀਤੀ ਜਾ ਰਹੀ ਵਾਹੀਯੋਗ ਜ਼ਮੀਨ ਨੂੰ ਵਪਾਰਕ ਦੱਸ ਕੇ ਵੱਧ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਤੇ ਕਈ ਥਾਵਾਂ ’ਤੇ ਵਪਾਰਕ ਜ਼ਮੀਨ ਨੂੰ ਖੇਤੀਯੋਗ ਜ਼ਮੀਨ ਦੱਸ ਕੇ ਵੱਧ ਮੁਆਵਜ਼ਾ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਜ਼ਮੀਨ ਦੇ ਐਕੁਆਇਰ ਹੋਣ ਨਾਲ ਖੇਤੀਯੋਗ ਜ਼ਮੀਨ ਘਟ ਰਹੀ ਹੈ ਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਉਜਾੜਾ ਹੋ ਰਿਹਾ ਹੈ। ਪਿੰਡਾਂ ਵਿੱਚ ਖੇਤੀ ਨਾਲ ਜੁੜੇ ਹੋਰ ਧੰਦੇ ਵੀ ਮੰਦੇ ਦੀ ਮਾਰ ਹੇਠ ਆ ਰਹੇ ਹਨ, ਇਸ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਜਾੜਾ ਭੱਤਾ ਵੀ ਦਿੱਤਾ ਜਾਵੇ। ਇਸ ਦੌਰਾਨ ਧਰਨੇ ਨੂੰ ਕੈਪਟਨ ਦਰਸ਼ਨ ਸਿੰਘ ਹਥੋਆ, ਰਾਜਿੰਦਰ ਸਿੰਘ ਭੋਗੀਵਾਲ, ਸਤਨਾਮ ਸਿੰਘ, ਚਰਨਜੀਤ ਸਿੰਘ ਹਥਨ, ਹਰਿੰਦਰ ਸਿੰਘ ਚੌਦਾਂ ਅਤੇ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਜਬਰੀ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਪੱਕਾ ਧਰਨਾ ਜਾਰੀ
ਭਵਾਨੀਗੜ੍ਹ: ਪਿੰਡ ਸੰਤੋਖਪੁਰਾ, ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ਦੀਆਂ ਜ਼ਮੀਨਾਂ ਵਿੱਚੋਂ ਬਣਾਏ ਜਾ ਰਹੇ ਦਿੱਲੀ-ਕੱਟੜਾ ਨੈਸ਼ਨਲ ਹਾਈਵੇਅ ਲਈ ਕਿਸਾਨਾਂ ਤੋਂ ਸਸਤੇ ਭਾਅ ’ਤੇ ਜਬਰੀ ਗ੍ਰਹਿਣ ਕਰਨ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਪੀੜਤ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਖਿਲਾਫ਼ ਪਿੰਡ ਖੇੜੀ ਚੰਦਵਾਂ ਦੀ ਹੱਦ ’ਤੇ 19ਵੇਂ ਦਿਨ ਵੀ ਪੱਕਾ ਧਰਨਾ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਹਰਵਿੰਦਰ ਸਿੰਘ ਦੁੱਲਟ, ਧਰਮਿੰਦਰ ਸਿੰਘ ਸਾਬਕਾ ਸਰਪੰਚ ਸੰਤੋਖਪੁਰਾ, ਪ੍ਰਿਤਪਾਲ ਸਿੰਘ ਜਲਾਣ ਇਕਾਈ ਪ੍ਰਧਾਨ, ਗਿਆਨ ਸਿੰਘ ਨਦਾਮਪੁਰ ਅਤੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਨੇ ਕਿਹਾ ਕਿ ਦਿੱਲੀ ਕੱਟੜਾ ਸੜਕ ਅਥਾਰਟੀ ਤੇ ਪ੍ਰਸ਼ਾਸਨ ਸੰਤੋਖਪੁਰਾ, ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ਪਿੰਡਾਂ ਦੀ ਜ਼ਮੀਨ ਪੁਰਾਣੇ ਰੇਟ ’ਤੇ ਹੀ ਗ੍ਰਹਿਣ ਕਰ ਰਹੇ ਹਨ ਅਤੇ ਜ਼ਮੀਨਾਂ ਉੱਤੇ ਜਬਰੀ ਕਬਜ਼ਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ। -ਪੱਤਰ ਪ੍ਰੇਰਕ