ਰਮੇਸ਼ ਭਾਰਦਵਾਜ
ਲਹਿਰਾਗਾਗਾ, 4 ਮਈ
ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ ਕਰਮਚਾਰੀਆਂ ਨੂੰ 36 ਮਹੀਨਿਆਂ ਦੀ ਤਨਖ਼ਾਹ ਜਾਰੀ ਕਰਨ ਸਣੇ ਹੋਰ ਮੰਗਾਂ ਸਬੰਧੀ ਬਣੀ ਐਕਸ਼ਨ ਕਮੇਟੀ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਐੱਸਡੀਐੱਮ ਦਫ਼ਤਰ ਮੂਹਰੇ ਚੱਲ ਰਿਹਾ ਦਿਨ-ਰਾਤ ਦਾ ਪੱਕਾ ਧਰਨਾ ਅੱਠ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨਾਕਾਰੀਆਂ ਨੇ ਅੱਜ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਅਤੇ ਕਰਮਚਾਰੀਆਂ ਨੂੰ ਛੇ ਮਹੀਨਿਆਂ ਦੀ ਤਨਖ਼ਾਹ ਜਾਰੀ ਕਰਨ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਵੱਲੋਂ ਦਿੱਤੇ ਕਥਿਤ ਬਿਆਨ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਨੇ ਵਿਧਾਇਕ ਖ਼ਿਲਾਫ਼ ‘ਮੁਰਦਾਬਾਦ’ ਦੇ ਨਾਅਰੇ ਵੀ ਲਾਏ। ਬੀਕੇਯੂ ਆਗੂਆਂ ਨੇ ਕਿਹਾ ਕਿ ਕਾਲਜ ਦੇ ਕਰਮਚਾਰੀ ਪਿਛਲੇ 36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਫਾਕੇ ਕੱਟਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖ਼ੁਦਕੁਸ਼ੀ ਕਰ ਚੁੱਕੇ ਕਾਲਜ ਦੇ ਕਲਰਕ ਦਵਿੰਦਰ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ 34 ਦਿਨ ਲੰਘਣ ਦੇ ਬਾਵਜੂਦ ਪੂਰਾ ਨਹੀਂ ਕੀਤਾ।