ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੋਦੀ ਤੇ ਚੰਨੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਨੂੰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕਾਰਵਾਈ ਕਰਾਰ ਦਿੱਤਾ। ਧਰਨੇ ਵਿੱਚ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਚਮਕੌਰ ਸਿੰਘ ਲੱਡੀ,ਜਸਵੀਰ ਸਿੰਘ ਗੱਗੜਪੁਰ ਗੁਰਚੇਤ ਸਿੰਘ ਭੱਟੀਵਾਲ ਕਲਾਂ, ਮਹਿੰਦਰ ਕੌਰ ਰਾਜਪੁਰਾ ਅਤੇ ਬਲਵਿੰਦਰ ਕੌਰ ਕਾਲਾਝਾੜ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਕਰਨ ਤੋਂ ਬਾਅਦ ਥੋੜ੍ਹਾ ਜਿਹਾ ਟੈਕਸ ਘਟਾ ਕੇ ਦੋਵੇਂ ਸਰਕਾਰਾਂ ਗੁੰਮਰਾਹਕੁਨ ਪ੍ਰਚਾਰ ਕਰ ਰਹੀਆਂ ਹਨ ਕਿ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਸਰਕਾਰਾਂ ਸਾਰਾ ਟੈਕਸ ਖਤਮ ਕਰਨਦਾ ਐਲਾਨ ਕਰਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ