ਮੇਜਰ ਸਿੰਘ ਮੱਟਰਾਂ
ਭਵਾਨੀਗੜ, 28 ਅਪਰੈਲ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪਿੰਡ ਝਨੇੜੀ ਵਿੱਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਉੱਪਰ ਲੈਣ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਨਾਲ ਜਿਥੇ ਦਲਿਤਾਂ ਦੇ ਡੰਗਰਾਂ ਲਈ ਹਰੇ ਚਾਰੇ ਦਾ ਪ੍ਰਬੰਧ ਹੁੰਦਾ ਹੈ, ਉਥੇ ਹਾੜ੍ਹੀ ਵਿਚ ਕਣਕ ਮਿਲਣ ਨਾਲ ਪਰਿਵਾਰ ਦੀ ਰੋਜ਼ੀ ਰੋਟੀ ਦਾ ਸਹਾਰਾ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸੰਘਰਸ਼ਾਂ ਤੋਂ ਬਾਅਦ ਪ੍ਰਾਪਤ ਕੀਤੀ ਇਸ ਜ਼ਮੀਨ ਸਬੰਧੀ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਦਲਿਤਾਂ ਨੂੰ ਮਿਲਣ ਵਾਲੀਆਂ ਰਿਆਇਤਾਂ ਨੂੰ ਖਤਮ ਕਰ ਦਿੱਤਾ ਗਿਆ। ਦਲਿਤਾਂ ਦੇ ਹਿੱਸੇ ਦੀ ਬੋਲੀ ਜਰਨਲ ਬੋਲੀ ਦੇ ਨਾਲ ਕਰਵਾਉਣ ਦਾ ਮਤਲਬ ਸਿੱਧਾ ਸਾਫ਼ ਡੰਮੀ ਬੋਲੀਆਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਦਲਿਤ ਵਿਰੋਧੀ ਚਿਹਰੇ ਨੂੰ ਲੋਕਾਂ ਵਿੱਚ ਨੰਗਾ ਕਰਨ ਅਤੇ ਆਪਣੇ ਹਿੱਸੇ ਦੀਆਂ ਜ਼ਮੀਨਾਂ ਘੱਟ ਰੇਟ ਉੱਪਰ ਲੈਣ ਲਈ 12 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਪਿੰਡ ਝਨੇੜੀ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਿੰਡ ਇਕਾਈ ਪ੍ਰਧਾਨ ਅਮਰਜੀਤ ਸਿੰਘ, ਹਰਜਿੰਦਰ ਸਿੰਘ, ਚਮਕੌਰ ਸਿੰਘ, ਬੰਤ ਕੌਰ ਅਤੇ ਭਜਨ ਕੌਰ ਨੇ ਵੀ ਆਪਣੇ ਵਿਚਾਰ ਰੱਖੇ।