ਮੇਜਰ ਸਿੰਘ ਮੱਟਰਾਂ
ਭਵਾਨੀਗੜ, 28 ਜੁਲਾਈ
ਇਥੋਂ ਨੇੜਲੇ ਪਿੰਡ ਸੰਤੋਖਪੁਰਾ, ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ਦੀਆਂ ਜ਼ਮੀਨਾਂ ਵਿੱਚੋਂ ਬਣਾਈ ਜਾ ਰਹੀ ਦਿੱਲੀ ਕੱਟੜਾ ਨੈਸ਼ਨਲ ਹਾਈਵੇਅ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਖੇੜੀ ਚੰਦਵਾਂ ਦੀ ਹੱਦ ’ਤੇ 15 ਦਿਨ ਤੋਂ ਚੱਲ ਰਿਹਾ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ। ਧਰਨੇ ਵਿੱਚ ਯੂਨੀਅਨ ਦੇ ਸੀਨੀਅਰ ਆਗੂਆਂ ਨੇ ਸਰਕਾਰ ਤੇ ਹਾਈਵੇਅ ਅਥਾਰਟੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਇਸ ਮਸਲੇ ਨੂੰ ਫੌਰੀ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਧਰਨੇ ’ਚ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਜਗਤਾਰ ਸਿੰਘ ਲੱਡੀ, ਅਮਨਦੀਪ ਸਿੰਘ ਮਹਿਲਾਂ ਚੌਕ ਅਤੇ ਗੁਰਚੇਤ ਸਿੰਘ ਭੱਟੀਵਾਲ ਨੇ ਕਿਹਾ ਕਿ ਦਿੱਲੀ ਕੱਟੜਾ ਸੜਕ ਅਥਾਰਟੀ ਤੇ ਪ੍ਰਸਾਸ਼ਨ ਸੰਤੋਖਪੁਰਾ,ਹਰਕਿਸ਼ਨਪੁਰਾ ਅਤੇ ਖੇੜੀ ਚੰਦਵਾਂ ਪਿੰਡਾਂ ਦੀ ਜ਼ਮੀਨ ਪੁਰਾਣੇ ਰੇਟ ’ਤੇ ਹੀ ਗ੍ਰਹਿਣ ਕਰ ਰਹੇ ਹਨ। ਹੁਣ ਪ੍ਰਸ਼ਾਸਨ ਕਿਸਾਨਾਂ ਵਿੱਚ ਆਪਸੀ ਫੁੱਟ ਪਾਉਣ ਅਤੇ ਜ਼ਮੀਨ ਵਿੱਚ ਜਬਰੀ ਦਾਖਲ ਹੋਣ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ।