ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਵਿੱਚ ਬੁਲਾਰਿਆਂ ਨੇ ਕਿਸਾਨ ਸੰਘਰਸ਼ ਦੇ ਅਖਾੜਿਆਂ ਨੂੰ ਹੋਰ ਮਘਾਉਣ ਦਾ ਸੱਦਾ ਦਿੱਤਾ। ਧਰਨੇ ਵਿੱਚ ਯੂਨੀਅਨ ਦੇ ਬਲਾਕ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ, ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌਰ ਜੱਟਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਲੜਦਿਆਂ ਨੂੰ ਜਿੱਥੇ ਪੰਜਾਬ ਵਿੱਚ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਉਥੇ ਹੀ ਦਿੱਲੀ ਦੇ ਬਾਰਡਰਾਂ ਉੱਪਰ ਬੈਠੇ ਕਿਸਾਨਾਂ ਨੂੰ ਅੱਜ 352 ਦਿਨ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਲ ਭਰ ਦੇ ਜਾਨ ਹੂਲਵੇਂ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਫਿਰ ਵੀ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਨੂੰ ਕਿਸਾਨ ਸਿਦਕ ਅਤੇ ਦ੍ਰਿੜ ਸੰਘਰਸ਼ ਨਾਲ ਭੰਨਕੇ ਮੋਰਚਾ ਫਤਹਿ ਕਰਨਗੇ।