ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਅਕਤੂਬਰ
ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਅੱਜ ਟੌਲ ਪਲਾਜ਼ਾ ਕਾਲਾਝਾੜ ਦੇ ਦਫ਼ਤਰ ਨੂੰ ਜਿੰਦਰਾ ਲਗਾ ਕੇ ਪੰਜਾਬ ਭਰ ਵਿੱਚ ਜਿੰਦਰੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿੱਚ 12000 ਟੌਲ ਪਲਾਜ਼ਾ ਕਰਮਚਾਰੀ ਹਨ। ਕੰਪਨੀਆਂ ਵੱਲੋਂ ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਬੰਦ ਕਰ ਦਿੱਤੀਆਂ ਹਨ। ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਦੇ ਟੌਲ ਪਲਾਜ਼ਿਆਂ ਨੂੰ ਬੰਦ ਹੋਣ ’ਤੇ ਵੀ ਕੰਪਨੀਆਂ ਨੂੰ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ ਪਰ ਅੱਗੋਂ ਕੰਪਨੀਆਂ ਕਰਮਚਾਰੀਆਂ ਨੂੰ ਤਨਖਾਹਾਾਂ ਨਹੀਂ ਦੇ ਰਹੀਆਂ। ਇਸ ਮੌਕੇ ਕਿਸਾਨ ਆਗੂ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਸੂਬਾ ਮੀਤ ਪ੍ਰਧਾਨ ਵਰਿੰਦਰ ਸਿੰਘ ਧਰੇੜੀ ਜੱਟਾਂ ਟੋਲ, ਸੂਬਾ ਖਜ਼ਾਨਚੀ ਅਮਨਦੀਪ ਸਿੰਘ ਸਮੇਤ ਵਰਕਰ ਹਾਜ਼ਰ ਸਨ। ਟੌਲ ਪਲਾਜ਼ਾ ਕਾਲਾਝਾੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮੈਨੇਜਮੈਂਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ।