ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੂਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਈਕਲ ਰੈਲੀ ਕੀਤੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ ਡੀ ਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਅਤੇ ਲੋਕਤੰਤਰ ਦੇ ਮਹਾਂ ਤਿਓਹਾਰ ਲੋਕ ਸਭਾ ਜ਼ਿਮਨੀ ਚੋਣ ਮੌਕੇ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਈ ਸਾਈਕਲ ਰੈਲੀ ਵਿੱਚ ਵਿਦਿਆਰਥੀਆਂ ਅਤੇ ਵਿਭਾਗੀ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਭਾਗ ਲੈਣ ਵਾਲਿਆਂ ਨੂੰ ਟੀ ਸ਼ਰਟਾਂ ਵੰਡੀਆਂ ਗਈਆਂ। ਰੈਲੀ ਦੌਰਾਨ ਵੋਟਰਾਂ ਨੂੰ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਯੁਵਕ ਸੇਵਾਵਾਂ ਅਧਿਕਾਰੀ ਅਰੁਣ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਤੇ ਸਹਾਇਕ ਸਵੀਪ ਨੋਡਲ ਅਫ਼ਸਰ ਕੁਲਵੀਰ ਸਿੰਘ ਨੇ ਭਾਗ ਲਿਆ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਪੰਜਾਬੀ ਯੂਨੀਵਰਸਿਟੀ ਦੇ ਐੱਨਐੱਸਐੱਸ ਵਿਭਾਗ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਪ੍ਰੋਗਰਾਮ ਅਧੀਨ ਕੌਮਾਂਤਰੀ ਸਾਈਕਲ ਦਿਹਾੜੇ ਮੌਕੇ ਇੱਕ ਸਾਈਕਲ ਰੈਲੀ ਕੱਢੀ ਗਈ। ਰੈਲੀ ਵਿੱਚ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਖ਼ੁਦ ਆਪਣੇ ਸਾਈਕਲ ’ਤੇ ਭਾਗ ਲੈਂਦਿਆਂ ਐੱਨਐੱਸਐੱਸ ਵਾਲੰਟੀਅਰਾਂ ਤੇ ਅਧਿਆਪਕਾਂ/ਕਰਮਚਾਰੀਆਂ ਨੂੰ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਐੱਨ.ਐੱਸ.ਐੱਸ ਦੇ 125 ਵਾਲੰਟੀਅਰਾਂ ਸਮੇਤ ਯੂਨੀਵਰਸਿਟੀ ਦੇ ਅਧਿਆਪਕਾਂ/ਕਰਮਚਾਰੀਆਂ ਨੇ ਭਾਗ ਲਿਆ। ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਜਰਨੈਲ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਕਿਰਨ ਵੀ ਇਸ ਰੈਲੀ ਵਿੱਚ ਸ਼ਾਮਲ ਰਹੇ। ਇਸ ਦੇ ਨਾਲ ਹੀ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ, ਬੌਰਨ ਰਨਰ ਟੀਮ ਵੱਲੋਂ ਕੁਲਵਿੰਦਰ ਸਿੰਘ ਮੋਮੀ, ਮੋਹਨਦੀਪ ਸਿੰਘ ਤੇ ਯੂਨੀਵਰਸਿਟੀ ਮਾਡਲ ਸਕੂਲ ਦੇ ਐਸੋਸੀਏਟ ਐੱਨਸੀਸੀ ਅਫ਼ਸਰ ਸਤਬੀਰ ਸਿੰਘ ਗਿੱਲ ਸਮੇਤ ਐੱਨਐੱਸਐੱਸ ਅਤੇ ਐੱਨਸੀਸੀ ਦੇ ਵਿਦਿਆਰਥੀਆਂ, ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਪੋਰਟਸ ਵਿੰਗ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।