ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਬੀਬੀ ਭੱਠਲ ਦਾ ਭਤੀਜੇ ਸਨਮੀਕ ਸਿੰਘ ਹੈਨਰੀ ‘ਆਪ’ ਵਿੱਚ ਸ਼ਾਮਲ
ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ ਨੇ ਵੀ ਫੜਿਆ 'ਆਪ' ਦਾ ਪੱਲਾ
ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਤੇ ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹੈਨਰੀ ਅਤੇ ਗੁਪਤਾ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਕਾਂਗਰਸ ਲਈ ਲਹਿਰਾਗਾਗਾ ਹਲਕੇ ਵਿੱਚ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਉਹ ਬੀਬੀ ਰਾਜਿੰਦਰ ਕੌਰ ਭੱਠਲ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਵੀ ਹਨ। ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰਜਨੀਸ਼ ਗੁਪਤਾ ਵੀ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਸਿਆਸੀ ਘਟਨਾਕ੍ਰਮ ਨਾਲ ਲਹਿਰਾਗਾਗਾ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੇ ਆਸਾਰ ਹਨ। ਸਨਮੀਕ ਸਿੰਘ ਹੈਨਰੀ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਜਿੱਥੇ ‘ਆਪ’ ਨੂੰ ਮਜ਼ਬੂਤੀ ਮਿਲਣ ਦੀ ਚਰਚਾ ਹੈ, ਉੱਥੇ ਕਾਂਗਰਸ ਖੇਮੇ ਵਿੱਚ ਇਸ ਨੂੰ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਨਮੀਕ ਸਿੰਘ ਹੈਨਰੀ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਅਤੇ ਬਣਦਾ ਸਿਆਸੀ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਨਰੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉੱਥੇ ਹੀ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨਮੀਕ ਸਿੰਘ ਹੈਨਰੀ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

