Punjab Cow Service Commission: ਗਊਸ਼ਾਲਾਵਾਂ ਦਾ ਸੌ ਕਰੋੜ ਤੋਂ ਵੱਧ ਬਿੱਲ ਮੁਆਫ਼: ਭਗਤ
ਛੇ ਸੌ ਲਾਵਾਰਿਸ ਪਸ਼ੂਆਂ ਨੂੰ ਗੳੂਸ਼ਾਲਾ ਵਿੱਚ ਭੇਜਣ ਦਾ ਦਾਅਵਾ
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੰਗਰੂਰ ਜ਼ਿਲ੍ਹੇ ਵਿੱਚ 600 ਲਾਵਾਰਿਸ ਗਊਧਨ ਨੂੰ ਸਾਂਭ-ਸੰਭਾਲ ਲਈ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ। ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਦੀਆਂ 518 ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ’ਤੇ ਵਿੱਤੀ ਬੋਝ ਘਟਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਗਪਗ 500 ਗਊਸ਼ਾਲਾਵਾਂ ਨੂੰ ਤਿੰਨ ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਝਨੇੜੀ ਗਊਸ਼ਾਲਾ ਵਿੱਚ ਲਾਵਾਰਿਸ ਗਊਧਨ ਲਈ 65 ਲੱਖ ਰੁਪਏ ਦੀ ਲਾਗਤ ਨਾਲ ਵੱਖਰਾ ਸ਼ੈੱਡ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਗਊ ਸੇਵਾ ਸੈੱਸ ਦੀ ਰਾਸ਼ੀ ਗਊਧਨ ਦੀ ਸੇਵਾ ਅਤੇ ਸੁਰੱਖਿਆ ’ਤੇ ਖਰਚਣ ਦੀ ਹਦਾਇਤ ਕੀਤੀ। ਇਸ ਮੌਕੇ ਸੰਗਰੂਰ ਜ਼ਿਲ੍ਹੇ ਦੀਆਂ 40 ਵਿੱਚੋਂ 35 ਗਊਸ਼ਾਲਾਵਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੰਡੇ ਗਏ। ਮੀਟਿੰਗ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ, ਏ ਡੀ ਸੀ ਸੁਖਚੈਨ ਸਿੰਘ, ਐੱਸ ਡੀ ਐੱਮ ਭਵਾਨੀਗੜ੍ਹ ਮਨਜੀਤ ਕੌਰ ਸਮੇਤ ਅਧਿਕਾਰੀ ਹਾਜ਼ਰ ਸਨ।

