ਪੀ ਯੂ ਮਸਲੇ ਸਬੰਧੀ ਭਾਜਪਾ ਆਗੂ ਵੱਲੋਂ ਅਸਤੀਫ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਅਤੇ ਪੰਜਾਬ ਨਾਲ ਧੱਕੇਸ਼ਾਹੀ ਵਾਲੀ ਕਾਰਵਾਈ ਦੇ ਪ੍ਰਤੀਕਰਮ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਲ ਘਰਾਚੋਂ ਦੇ ਪ੍ਰਧਾਨ ਡਾ. ਹਰਮੇਲ ਸਿੰਘ ਨਿੱਕਾ ਨੇ ਆਪਣੇ ਅਹੁਦੇ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਡਾ. ਨਿੱਕਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ। ਇਹ ਯੂਨੀਵਰਸਿਟੀ ਪੰਜਾਬ ਦੇ ਪਿੰਡ ਉਜਾੜ ਕੇ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨਾਲ ਹਰ ਪੰਜਾਬੀ ਦੇ ਜਜ਼ਬਾਤ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਖੋਹਣ ਦੇ ਤਾਨਾਸ਼ਾਹੀ ਮਨਸੂਬਿਆਂ ਨੂੰ ਪੰਜਾਬੀ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਬੁਲੰਦ ਕੀਤੀ ਆਵਾਜ਼ ਦਾ ਸਮਰਥਨ ਕਰਦਿਆਂ ਭਾਜਪਾ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ’ਤੇ ਕਿਹਾ ਕਿ ਹੁਣ ਉਸ ਦਾ ਭਾਜਪਾ ਨਾਲ ਕੋਈ ਸਬੰਧ ਨਹੀਂ ਹੈ, ਸਗੋਂ ਉਹ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹਨ ਦਾ ਐਲਾਨ ਕਰਦੇ ਹਨ।
