ਭਾਜਪਾ ਨੇ ਪੰਜਾਬ ’ਚ ਵੀ ਜੋੜ-ਤੋੜ ਸ਼ੁਰੂ ਕੀਤਾ: ਪਾਇਲਟ
ਕਾਂਗਰਸ ਪਾਰਟੀ ਵੱਲੋਂ ਪਿੰਡ ਫੱਗੂਵਾਲਾ ਵਿੱਚ 4 ਨਵੰਬਰ ਨੂੰ ਰੱਖੀ ਸੂਬਾ ਪੱਧਰੀ ਇਨਸਾਫ਼ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੀ...
ਕਾਂਗਰਸ ਪਾਰਟੀ ਵੱਲੋਂ ਪਿੰਡ ਫੱਗੂਵਾਲਾ ਵਿੱਚ 4 ਨਵੰਬਰ ਨੂੰ ਰੱਖੀ ਸੂਬਾ ਪੱਧਰੀ ਇਨਸਾਫ਼ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਭਾਜਪਾ ਅਤੇ ਵਿਰੋਧੀ ਰਾਜਨੀਤਕ ਪਾਰਟੀਆਂ ਨੂੰ ਤੋੜਨ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਪਹਿਲਾਂ ਵੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜੋੜ-ਤੋੜ ਦੀ ਰਾਜਨੀਤੀ ਰਾਹੀਂ ਸੱਤਾ ਹਾਸਲ ਕਰਦੀ ਰਹੀ ਹੈ ਤੇ ਹੁਣ ਪੰਜਾਬ ਵਿਚ ਵੀ ਇਸੇ ਤਰਜ਼ ’ਤੇ ਕੰਮ ਕਰਨਾ ਚਾਹੁੰਦੀ ਹੈ। ਪੰਜਾਬ ਦੇ ਅਣਖੀ ਲੋਕ ਭਾਜਪਾ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸ੍ਰੀ ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ‘ਆਪ’ ਛੱਡਣ ਵਾਲੇ ਵਿਧਾਇਕਾਂ ਨੂੰ ਅਗਲੇ ਹੀ ਦਿਨ ਭਾਜਪਾ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ ਹੋ ਚੁੱਕਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ।
ਇਸੇ ਦੌਰਾਨ ਬਲਾਕ ਭਵਾਨੀਗੜ੍ਹ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੀਟਿੰਗ ਕਰ ਕੇ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ ਰਾਤ ਇੱਕ ਕਰਨ ਦਾ ਐਲਾਨ ਕੀਤਾ।

