ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਸ਼ਹਿਰ ਵਿੱਚ ਟਰੈਕਟਰ ਮਾਰਚ ਕੱਢਣ ਉਪਰੰਤ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੂੰ ਮੁੱਖ ਮੰਤਰੀ ਦੇ ਨਾਂ ਵਾਲਾ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ,ਨੇ ਪੰਜਾਬ ਸਰਕਾਰ ਤੋਂ ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ, ਕਣਕ ਸੜਨ ਵਾਲੇ ਕਿਸਾਨ ਨੂੰ 40 ਹਜ਼ਾਰ ਪ੍ਰਤੀ ਏਕੜ, ਤੂੜੀ ਦੇ ਨੁਕਸਾਨ ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ,18 ਜੂਨ ਤੋਂ ਝੋਨਾ ਲਾਉਣ ਦਾ ਸ਼ਡਿਊਲ ਵਾਪਸ ਲੈ ਕੇ 10 ਜੂਨ ਤੋਂ ਝੋਨਾ ਲਗਾਉਣ ਆਦਿ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਫਸਲੀ ਵਿਭਿੰਨਤਾ ਬਾਰੇ ਫਸਲਾਂ ਤੇ ਸਬਜ਼ੀਆਂ ਬਾਰੇ ਐੱਮਐੱਸਪੀ ’ਤੇ ਸਰਕਾਰੀ ਖ੍ਰੀਦ ਕਰਨ,ਬਿਜਲੀ ਸਪਲਾਈ 8 ਘੰਟੇ ਨਿਰਵਿਘਣ ਦੇਣ ਅਤੇ ਨਹਿਰੀ ਪਾਣੀ ਦੇਣ ਦੀ ਮੰਗ ਕੀਤੀ ਗਈ। ਹਲਕਾ ਵਿਧਾਇਕ ਭਰਾਜ ਨੇ ਕਿਸਾਨ ਆਗੂਆਂ ਨੂੰ ਮੰਗ ਪੱਤਰ ਮੁੱਖ ਮੰਤਰੀ ਕੋਲ ਪਹੁੰਚਾਉਣ ਦਾ ਭਰੋਸਾ ਦਿੱਤਾ।