DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੀਕੇਯੂ ਉਗਰਾਹਾਂ ਨੇ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਫੂਕੇ

ਕਿਸਾਨਾਂ ਦੀਆਂ ਫ਼ਸਲਾਂ ਉਜਾੜਨ, ਅੌਰਤਾਂ ਨੂੰ ਗ੍ਰਿਫ਼ਤਾਰ ਕਰਨ ਤੇ ਜਬਰੀ ਕਬਜ਼ੇ ਖ਼ਿਲਾਫ਼ ਮੁਜ਼ਾਹਰੇ; ਜਾਹਲਾਂ ਪਿੰਡ ਵਿੱਚ ਕਿਸਾਨਾਂ ਖ਼ਿਲਾਫ਼ ਪੁਲੀਸ ਕਾਰਵਾਈ ਵਿਰੁੱਧ ਰੋਸ
  • fb
  • twitter
  • whatsapp
  • whatsapp
featured-img featured-img
ਸੰਗਰੂਰ ਨੇੜਲੇ ਪਿੰਡ ਲੱਡੀ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਕਿਸਾਨਾਂ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫ਼ੂਕਦਿਆਂ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਜਾਹਲਾਂ ਵਿਖੇ ਕਿਸਾਨਾਂ ’ਤੇ ਜਬਰ ਅਤੇ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂਆਂ ਵਲੋਂ ‘ਆਪ’ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਜਬਰ ਖ਼ਿਲਾਫ਼ ਕਿਸਾਨ-ਮਜ਼ਦੂਰਾਂ ਨੂੰ ਸੰਘਰਸ਼ ਦੇ ਪਿੜ ਵਿਚ ਕੁੱਦਣ ਦਾ ਸੱਦਾ ਦਿੱਤਾ।

ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਨੇੜਲੇ ਪਿੰਡ ਲੱਡੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਜਾਹਲਾਂ ਵਿਖੇ ਸਰਕਾਰ ਨੇ ਵੱਡੀ ਪੱਧਰ ’ਤੇ ਪੁਲੀਸ ਭੇਜ ਕੇ ਕਿਸਾਨਾਂ ਦੀਆਂ ਫ਼ਸਲਾਂ ਉਜਾੜ ਦਿੱਤੀਆਂ ਗਈਆਂ ਅਤੇ ਕਿਸਾਨਾਂ ਉਪਰ ਜਬਰ ਢਾਹਿਆ ਗਿਆ।

Advertisement

ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਜਾਹਲਾਂ ਵਿੱਚ ਕਿਸਾਨ ਪਿਛਲੇ ਕਰੀਬ 70 ਸਾਲਾਂ ਤੋਂ ਜ਼ਮੀਨ ਉਪਰ ਖੇਤੀ ਕਰ ਰਹੇ ਹਨ। ਉਨ੍ਹਾਂ ਨੇ ਕਾਫ਼ੀ ਸਖਤ ਮਿਹਨਤ ਕਰਕੇ ਇਨ੍ਹਾਂ ਜ਼ਮੀਨਾਂ ਨੂੰ ਆਬਾਦ ਕੀਤਾ ਸੀ ਅਤੇ ਇਨ੍ਹਾਂ ਕਿਸਾਨਾਂ ਦੇ ਨਾਮ ਪਰ ਹੀ ਗਿਰਦਾਵਰੀਆਂ ਅਤੇ ਮੋਟਰਾਂ ਦੇ ਕੁਨੈਕਸ਼ਨ ਹਨ ਪਰ ਸਰਕਾਰ ਇਨ੍ਹਾਂ ਦੀ ਜ਼ਮੀਨ ਨੂੰ ਜਬਰੀ ਐਕੁਆਇਰ ਕਰਨਾ ਚਾਹੁੰਦੀ ਹੈ ਅਤੇ ਕਰੀਬ ਸੱਤਵੀਂ ਵਾਰ ਸਰਕਾਰ ਨੇ ਜ਼ਮੀਨਾਂ ’ਤੇ ਜਬਰੀ ਧਾਵਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਸਮੇਤ ਔਰਤਾਂ ਦੇ ਜਬਰੀ ਹਿਰਾਸਤ ਵਿਚ ਲੈ ਕੇ ਥਾਣਿਆਂ ਵਿੱਚ ਬੰਦ ਕੀਤਾ ਗਿਆ ਜੋ ਕਿ ‘ਆਪ’ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ ਜਿਸਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਜਬਰ ਖ਼ਿਲਾਫ਼ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲੱਡੀ, ਬਾਲੀਆਂ, ਮੰਗਵਾਲ, ਸ਼ੇਰੇਂ, ਬਹਾਦਰਪੁਰ, ਲੌਂਗੋਵਾਲ ਆਦਿ ਵਿਚ ਮੁੱਖ ਮੰਤਰੀ ਦੇ ਪੁਤਲੇ ਫ਼ੂਕਦਿਆਂ ਰੋਸ ਮੁਜ਼ਾਹਰੇ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਉਪਰ ਜਬਰੀ ਕਬਜ਼ੇ ਕਰਨੇ ਬੰਦ ਕੀਤੇ ਜਾਣ, ਕਿਸਾਨਾਂ ਨੂੰ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜਬਰ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਜੋ ਵੀ ਅਗਲਾ ਸੰਘਰਸ਼ ਉਲੀਕਿਆ ਜਾਵੇਗਾ, ਉਸਨੂੰ ਮੁਕੰਮਲ ਰੂਪ ਵਿਚ ਲਾਗੂ ਕਰਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।

ਧੂਰੀ (ਬੀਰਬਲ ਰਿਸ਼ੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਹਲਕਾ ਧੂਰੀ ਦੇ ਪਿੰਡ ਰਣੀਕੇ, ਮੂਲੋਵਾਲ ਅਤੇ ਧੰਦੀਵਾਲ ਵਿਖੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਰੋਸ ਪ੍ਰਦਰਸ਼ਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾਂ ਵਿੱਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਆਉਂਦੀਆਂ ਜ਼ਮੀਨਾਂ ’ਤੇ ਕਥਿਤ ਕਬਜ਼ੇ ਸਬੰਧੀ ਪੁਲੀਸ ਦੀ ਹੱਦ ਤੋਂ ਵੱਧ ਸਖ਼ਤੀ ਅਤੇ ਸੈਂਕੜੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਤਿੱਖਾ ਵਿਰੋਧ ਕਰਦਿਆਂ ਕੀਤੇ।

ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ, ਕਰਮਜੀਤ ਸਿੰਘ ਭਲਵਾਨ ਅਤੇ ਰਾਮ ਸਿੰਘ ਕੱਕੜਵਾਲ ਨੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਅਤੇ ਹੱਕ ਮੰਗਦੇ ਸਮੂਹ ਲੋਕਾਂ ‘ਤੇ ਜ਼ਬਰ ਕੀਤੇ ਜਾਣ ਦੀ ਪ੍ਰਕਿਰਿਆ ਬਾ-ਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਬਕਾਉਣ ਦੀਆਂ ਚਾਲਾਂ ਕਦੇ ਸਫ਼ਲ ਨਹੀਂ ਹੋਣਗੀਆਂ ਅਤੇ ਕਿਸਾਨ ਵਿਸ਼ਾਲ ਲਾਮਬੰਦੀ ਕਰਕੇ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ।

ਇਸ ਦੌਰਾਨ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਨੇ ਬਿਆਨ ਰਾਹੀਂ ਸਪਸ਼ਟ ਕੀਤਾ ਕਿ ਪਿੰਡ ਬਾਦਸ਼ਾਹਪੁਰ ਵਿੱਚ ਜਥੇਬੰਦੀ ਦੀ ਚੱਲ ਰਹੀ ਇਕਾਈ ਭੰਗ ਕਰ ਦਿੱਤੀ ਗਈ ਹੈ ਅਤੇ ਹੁਣ ਛੇਤੀ ਹੀ ਇਸ ਪਿੰਡ ਵਿੱਚ ਮੈਂਬਰਸ਼ਿੱਪ ਕਰਕੇ ਨਵੀਂ ਇਕਾਈ ਦੀ ਚੋਣ ਕੀਤੀ ਜਾਵੇਗੀ।

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜਾਣਬੁੱਝਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਮੌਕੇ ਯਾਦਵਿੰਦਰ ਸਿੰਘ ਚੱਠਾ, ਮਨੀ ਸਿੰਘ ਭੈਣੀ, ਜੀਤ ਸਿੰਘ ਗੰਢੂਆਂ ਆਦਿ ਹਾਜ਼ਰ ਸਨ।

ਭਵਾਨੀਗੜ੍ਹ ਬਲਾਕ ਦੇ 20 ਪਿੰਡਾਂ ਵਿੱਚ ਪ੍ਰਦਰਸ਼ਨ

ਘਰਾਚੋਂ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਿਸਾਨ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ 20 ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਅਤੇ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਧੱਕੇ ਨਾਲ ਆਬਾਦਕਾਰ ਕਿਸਾਨਾਂ ਦੀ 18-19 ਕਿੱਲੇ ਸਰਹੰਦ ਬਾਈਪਾਸ ਕੱਢਣ ਲਈ ਬਿਨਾਂ ਮੁਆਵਜ਼ਾ ਦਿੱਤੇ ਦੱਬਣਾ ਚਾਹੁੰਦੀ ਹੈ ਜਿਸ ਖ਼ਿਲਾਫ਼ ਜਥੇਬੰਦੀ ਵੱਲੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਵੱਡੀ ਗਿਣਤੀ ਪੁਲੀਸ ਫੋਰਸ ਵੱਲੋਂ ਸਰਕਾਰ ਦੀ ਸਹਿ ’ਤੇ ਜ਼ਮੀਨਾਂ ਉੱਪਰ ਜਬਰੀ ਕਬਜ਼ਾ ਕੀਤਾ ਗਿਆ। ਧਰਨੇ ’ਤੇ ਬੈਠੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਸਮੇਤ ਕਿਸਾਨਾਂ ਅਤੇ ਔਰਤਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਬਲਾਕ ਆਗੂ ਗੁਰਚੇਤ ਸਿੰਘ ਭੱਟੀਵਾਲ, ਕਰਮਚੰਦ ਪੰਨਵਾਂ, ਕਸ਼ਮੀਰ ਸਿੰਘ ਆਲੋਅਰਖ, ਗੁਰਦੇਵ ਸਿੰਘ ਆਲੋਅਰਖ ਅਤੇ ਕੁਲਦੀਪ ਸਿੰਘ ਬਖੋਪੀਰ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਅਤੇ ਆਗੂਆਂ ਵੱਲੋਂ ਆਪਣੇ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਫੂਕੇ ਗਏ।

Advertisement
×