ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਮਾਲੇਕੋਟਲਾ ਅੱਗੇ ਧਰਨਾ; ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਸਰਕਾਰ ਦੁਆਰਾ ਪੰਚਾਇਤੀ ਜਮੀਨਾਂ ’ਤੇ ਕਾਰਪੋਰੇਟਾਂ, ਜਗੀਰਦਾਰਾਂ ਦੇ ਕਬਜ਼ੇ ਕਰਾਉਣ ਅਤੇ ਕਿਸਾਨ ਲਹਿਰ ’ਤੇ ਵਿੱਢੇ ਜਬਰ ਖਿਲਾਫ ਸਮੇਤ ਪੰਜਾਬ ਵਿੱਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਦੇ ਹਕੀਕੀ ਕਾਰਨਾਂ ਦਾ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਮਾਲੇਰਕੋਟਲਾ ਅੱਗੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਧਰਨਾ ਦੇ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਜਿੰਦਰ ਸਿੰਘ ਭੋਗੀਵਾਲ, ਸਤਿਨਾਮ ਸਿੰਘ ਮਾਣਕਮਾਜਰਾ, ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਤਾਰ ਸਿੰਘ ਸਰੌਦ ਅਤੇ ਗੁਰਮੀਤ ਕੌਰ ਕੁਠਾਲਾ ਨੇ ਕਿਹਾ ਕਿ ਹੜ੍ਹਾਂ ਨਾਲ ਕਿਸਾਨਾਂ ਦੀਆਂ ਫਸਲਾਂ, ਪਸ਼ੂਆਂ ਅਤੇ ਮਨੁੱਖਾਂ ਦੇ ਹੋਏ ਬਹੁਤ ਵੱਡੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਜ਼ਿੰਮੇਵਾਰ ਹੈ ਜਿਸ ਨੇ ਹੜ੍ਹਾਂ ਦੇ ਹਾਲਾਤ ਨੂੰ ਰੋਕਣ ਲਈ ਕੋਈ ਅਗਾਊਂ ਪ੍ਰਬੰਧ ਨਹੀਂ ਕੀਤੇ।
ਉਨ੍ਹਾਂ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਹੋਈ ਵੱਡੀ ਤਬਾਹੀ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕੌਮੀ ਆਫ਼ਤ ਐਲਾਨਿਆ ਜਾਵੇ ਅਤੇ ਕੌਮੀ ਆਫ਼ਤ ਫੰਡ ਜਾਰੀ ਕਰਕੇ ਵੱਡੇ ਪੱਧਰ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਨਾਲ ਹੋਈਆਂ ਇਨਸਾਨੀ ਮੌਤਾਂ ਵਾਲੇ ਪਰਿਵਾਰਾਂ ਨੂੰ ਮਾਇਕ ਸਹਾਇਤਾ ਦੇ ਕੇ ਢਾਰਸ ਦਿੱਤੀ ਜਾਵੇ।
ਹੜ੍ਹਾਂ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜ਼ਿੰਮੇਵਾਰ ਦਸਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਰਿਆਵਾਂ, ਡਰੇਨਾਂ, ਧੁੱਸੀ ਬੰਨ੍ਹ ਤੇ ਫਲੱਡ ਗੇਟਾਂ ਵਗੈਰਾ ਦੀ ਕੀਤੀ ਜਾਣ ਵਾਲੀ ਪਰਖ ਪੜਤਾਲ, ਸਫਾਈ, ਮੁਰੰਮਤ ਵਗੈਰਾ ਕਰਨ ਵਿੱਚ ਭਾਰੀ ਅਣਗਹਿਲੀ ਕਰਨ ਵਾਲੀ ਦੋਸ਼ੀ ਸਿਆਸੀ ਲੀਡਰਸ਼ਿਪ ਅਤੇ ਅਫ਼ਸਰਸ਼ਾਹੀ ਦੀ ਪਛਾਣ ਕਰਕੇ ਬਣਦੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਤੇ ਸਰਕਾਰੀ ਜ਼ਮੀਨਾਂ, ਜਾਇਦਾਦਾਂ ਨਿਲਾਮ ਕਰਨ ਦੇ ਘੜੇ ਜਾ ਰਹੇ ਫਰਮਾਨਾਂ ਦੀ ਨਿੰਦਾ ਕਰਦਿਆਂ ਚਿਤਾਵਨੀ ਦਿੱਤੀ ਕਿ ਲੋਕਾਂ ਦੀਆਂ ਜ਼ਮੀਨਾਂ ਜਾਇਦਾਦਾਂ ਖੋਹਣ ਦੀ ਨੀਤੀ ਦਾ ਤਿੱਖੇ ਸੰਘਰਸ਼ਾਂ ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ। ਜ਼ਮੀਨਾਂ ਦੀ ਰਾਖੀ, ਜ਼ਮੀਨ ਪ੍ਰਾਪਤੀ, ਜ਼ਮੀਨਾਂ ਦੀ ਪੱਕੀ ਮਾਲਕੀ ਲੈਣ ਅਤੇ ਜਥੇਬੰਦੀ ਦੀ ਰਾਖੀ ਲਈ 14 ਸਤੰਬਰ ਨੂੰ ਬਰਨਾਲਾ ਵਿੱਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ‘ਰਾਖੀ ਕਰੋ ਮੁਹਿੰਮ’ ਨੂੰ ਪਿੰਡਾਂ ਵਿੱਚ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਆਵਾਮ ਨੂੰ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਕਿਸੇ ਵੀ ਆਗੂ ਨੂੰ ਗ੍ਰਿਫ਼ਤਾਰ ਕਰਨ ਆਈ ਪੁਲੀਸ ਦਾ ਲੋਕ ਏਕੇ ਨਾਲ ਵਿਰੋਧ ਕੀਤਾ ਜਾਵੇ।