ਨਿਜੀ ਪੱਤਰ ਪ੍ਰੇਰਕ
ਸੰਗਰੂਰ, 20 ਮਈ
ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਨੇ ਮੁੱਖ ਮੰਤਰੀ ਦੇ ਇੱਕ ਓਐਸਡੀ ਤੋਂ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਪੰਜਾਬ ਪੁਲੀਸ ਦੇ ਮੁਖੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਹੈ ਕਿ ਕਿਸੇ ਵੀ ਸਮੇਂ ਉਸ ਅਤੇ ਉਸ ਦੇ ਪਰਿਵਾਰ ਨਾਲ ਕੋਈ ਧੱਕੇਸ਼ਾਹੀ ਜਾਂ ਹਮਲਾ ਹੋ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਲਾਕ ਸਮਿਤੀ ਭਵਾਨੀਗੜ੍ਹ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇਣ ਲਈ ਉਸ ਨੂੰ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਅਤੇ ਉਸ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਹ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਬਲਾਕ ਸਮਿਤੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਲਈ ਮਜਬੂਰ ਹੋਣਗੇ।
ਇਥੇ ਇਕ ਹੋਟਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਵਰਿੰਦਰ ਕੁਮਾਰ ਪੰਨਵਾਂ ਨੇ ਦੱਸਿਆ ਕਿ ਜਦੋਂ ਤੋਂ ‘ਆਪ’ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਉਸ ਉਪਰ ਚੇਅਰਮੈਨੀ ਤੋਂ ਅਸਤੀਫ਼ਾ ਦੇਣ ਦਾ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਾਂ ਤਾਂ ਚੇਅਰਮੈਨੀ ਤੋਂ ਅਸਤੀਫ਼ਾ ਦੇ ਦੇਵੇ ਨਹੀਂ ਤਾਂ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਚੀਫ਼ ਜਸਟਿਸ ਪੰਜਾਬ ਤੇ ਹਰਿਆਣਾ ਹਾਈਕੋਰਟ, ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ, ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ, ਆਈ.ਜੀ. ਪਟਿਆਲਾ ਰੇਂਜ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ ਭੇਜ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਮੌਕੇ ਕਮਲਜੀਤ ਕੌਰ ਚੇਅਰਪਰਸਨ ਬਲਾਕ ਸਮਿਤੀ ਸੰਗਰੂਰ ਦੇ ਪਤੀ ਕੁਲਵਿੰਦਰ ਸਿੰਘ, ਰਣਧੀਰ ਕੌਰ ਚੇਅਰਪਰਸਨ ਬਲਾਕ ਸਮਿਤੀ ਧੂਰੀ ਦੇ ਪਤੀ ਜਗਤਾਰ ਸਿੰਘ, ਸਰਬਜੀਤ ਕੌਰ ਆਦਿ ਮੌਜੂਦ ਸਨ।
ਕਾਂਗਰਸ ਪੰਨਵਾਂ ਨਾਲ ਡੱਟ ਕੇ ਖੜ੍ਹੀ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਬੀਤੇ ਦਿਨੀਂ ਸਥਾਨਕ ਜੇਲ੍ਹ ’ਚ ਬੰਦ ਵਰਿੰਦਰ ਪੰਨਵਾਂ ਦੇ ਲੜਕੇ ਕੁਲਜੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਪੰਨਵਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਕਾਂਗਰਸ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਕੁਝ ਦਿਨ ਪਹਿਲਾਂ ਹੀ ਪੰਨਵਾਂ ਦੇ ਲੜਕੇ ਨੂੰ ਕਰੀਬ ਤਿੰਨ ਸਾਲ ਪੁਰਾਣੇ ਕੇਸ ਵਿਚ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।