ਪਰਾਲੀ ਪ੍ਰਬੰਧਨ ਲਈ ਬੋਨਸ ਮੰਗਿਆ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਪਿੰਡ ਕਮੇਟੀ ਖੁਰਾਣਾ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਕਮੇਟੀ ਦੇ ਆਗੂ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਗੰਭੀਰ...
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਪਿੰਡ ਕਮੇਟੀ ਖੁਰਾਣਾ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਕਮੇਟੀ ਦੇ ਆਗੂ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਪਰਾਲੀ ਦਾ ਮਸਲਾ ਵੱਡੀ ਪੱਧਰ ’ਤੇ ਚੁੱਕਿਆ ਹੋਇਆ ਹੈ ਅਤੇ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਤੇ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ, ਗ੍ਰਿਫ਼ਤਾਰ ਕਰਨ, ਜੇਲ੍ਹ ਭੇਜਣ ਅਤੇ ਮੋਟੇ ਜੁਰਮਾਨੇ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਦੋਂ ਕਿ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਹੈ। ਮੀਟਿੰਗ ਦੌਰਾਨ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਲਾਭ ਸਿੰਘ ਖੁਰਾਣਾ, ਨਾਹਰ ਸਿੰਘ ਸੀਰਾ, ਬਲਵਿੰਦਰ ਸਿੰਘ, ਜਸਵੀਰ ਸਿੰਘ ਆਪਣੇ ਸਾਥੀਆਂ ਸਮੇਤ ਭਾਕਿਯੂ ਏਕਤਾ ਉਗਰਾਹਾਂ ਨੂੰ ਛੱਡ ਕੇ ਭਾਕਿਯੂ ਏਕਤਾ ਆਜ਼ਾਦ ਵਿਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।