ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਕਤੂਬਰ
ਇੱਥੇ ਅੱਜ ਆੜ੍ਹਤੀਆਂ ਵੱਲੋਂ ਅਨਾਜ ਮੰਡੀ ’ਚ ਫਸਲ ਸੁੱਟਣ ਲਈ ਜਗ੍ਹਾ ਦੀ ਘਾਟ ਹੋਣ ਅਤੇ ਸ਼ੈਲਰਾਂ ਨੂੰ ਆਰਜ਼ੀ ਫੜ੍ਹ ’ਚ ਤਬਦੀਲ ਕਰ ਕੇ ਫਸਲ ਲਾਹੁਣ ਦੀ ਪ੍ਰਵਾਨਗੀ ਨਾ ਦੇਣ ਖ਼ਿਲਾਫ਼ ਅੱਜ ਸੰਗਰੂਰ ਅਨਾਜ ਮੰਡੀ ਅਤੇ ਖਰੀਦ ਕੇਂਦਰਾਂ ’ਤੇ ਝੋਨੇ ਦੀ ਫਸਲ ਦੀ ਸਰਕਾਰੀ ਬੋਲੀ ਦਾ ਅਣਮਿੱਥੇ ਸਮੇਂ ਲਈ ਮੁਕੰਮਲ ਬਾਈਕਾਟ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਜਲਦੀ ਕੋਈ ਹੱਲ ਨਾ ਕੀਤਾ ਗਿਆ ਤਾਂ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਤੇ ਸਰਕਾਰੀ ਖਰੀਦ ਦਾ ਬਾਈਕਾਟ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
ਸਰਕਾਰੀ ਖਰੀਦ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰਨ ਮੌਕੇ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪਵਨ ਕੁਮਾਰ ਗਰਗ ਨੇ ਦੱਸਿਆ ਕਿ ਪਿਛਲੇ ਕਰੀਬ ਇੱਕ ਮਹੀਨੇ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ-ਵਾਰ ਮਿਲ ਕੇ ਸੰਗਰੂਰ ਅਨਾਜ ਮੰਡੀ ਵਿਚ ਫਸਲ ਸੁੱਟਣ ਲਈ ਜਗ੍ਹਾ ਦੀ ਘਾਟ ਹੋਣ ਬਾਰੇ ਜਾਣੂ ਕਰਵਾਉਂਦਿਆਂ ਢੁੱਕਵੀਂ ਜਗ੍ਹਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਸਾਲਾਂ ਦੀ ਤਰ੍ਹਾਂ ਸ਼ੈਲਰਾਂ ਨੂੰ ਆਰਜ਼ੀ ਯਾਰਡ ਐਲਾਨ ਕੇ ਫਸਲ ਲਾਹੁਣ ਦੀ ਪ੍ਰਵਾਨਗੀ ਦੇਣ ਦੀ ਬੇਨਤੀ ਵੀ ਕੀਤੀ ਗਈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਫਸਲ ਸੁੱਟਣ ਲਈ ਭਾਰੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਾਰ-ਵਾਰ ਬੇਨਤੀ ਕੀਤੀ ਗਈ ਕਿ ਹਰ ਸਾਲ ਦੀ ਤਰ੍ਹਾਂ ਸ਼ੈਲਰਾਂ ਨੂੰ ਆਰਜ਼ੀ ਫੜ੍ਹ ਵਿੱਚ ਤਬਦੀਲ ਕਰ ਕੇ ਫਸਲ ਸੁੱਟਣ ਦੀ ਪ੍ਰਵਾਨਗੀ ਦਿੱਤੀ ਜਾਵੇ ਪਰ ਇਹ ਪ੍ਰਵਾਨਗੀ ਨਹੀਂ ਦਿੱਤੀ ਗਈ ਜਿਸ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ।
ਪ੍ਰਧਾਨ ਪਵਨ ਕੁਮਾਰ ਗਰਗ ਨੇ ਐਲਾਨ ਕੀਤਾ ਕਿ ਅੱਜ ਤੋਂ ਮਸਲਾ ਹੱਲ ਹੋਣ ਤੱਕ ਸੰਗਰੂਰ ਮੰਡੀ ਅਤੇ ਖਰੀਦ ਕੇਂਦਰਾਂ ’ਤੇ ਸਰਕਾਰੀ ਬੋਲੀ ਦਾ ਬਾਈਕਾਟ ਰਹੇਗਾ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਹੱਲ ਨਾ ਕੀਤਾ ਗਿਆ ਤਾਂ ਸਮੁੱਚੇ ਜ਼ਿਲ੍ਹੇ ਵਿੱਚ ਸਾਰੀਆਂ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਸਰਕਾਰੀ ਖਰੀਦ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।