ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਮਾਰਚ
ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਹਜ਼ਾਰਾਂ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਆਨਲਾਈਨ ਅਤੇ ਆਫਲਾਈਨ ਸੈਮੀਨਾਰਾਂ, ਵਰਕਸ਼ਾਪਾਂ ਅਤੇ ਮੀਟਿੰਗਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ ਅਤੇ ਸਿਰਫ਼ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਤੋਂ ਬਗੈਰ ਹੋਰ ਕੋਈ ਵੀ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਜੁਝਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕੱਚੇ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਜਿਸ ਕਾਰਨ ਕੱਚੇ ਅਧਿਆਪਕਾਂ ਵਲੋਂ ਲੰਮਾ ਸਮਾਂ ਤਿੱਖਾ ਸੰਘਰਸ਼ ਕੀਤਾ ਗਿਆ ਪਰ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਸਿਰਫ਼ ਲਾਰਿਆਂ ’ਚ ਹੀ ਰੱਖਿਆ ਅਤੇ ਪੱਲੇ ਕੁੱਝ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਵਾਅਦਿਆਂ ਤੋਂ ਮੁੱਕਰੀ ਅਤੇ ਬੇਵਫ਼ਾ ਹੋਈ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਖਫ਼ਾ ਕੱਚੇ ਅਧਿਆਪਕ ਯੂਨੀਅਨ ਵਲੋਂ ਰੋਸ ਵਜੋਂ ਪੰਜਾਬ ਸਰਕਾਰ ਦੇ ਆਨਲਾਈਨ ਅਤੇ ਆਫ਼ ਲਾਈਨ ਸੈਮੀਨਾਰਾਂ , ਵਰਕਸ਼ਾਪਾਂ ਅਤੇ ਮੀਟਿੰਗਾਂ ਦੇ ਬਾਈਕਟ ਦਾ ਫੈਸਲਾ ਲਿਆ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿਚ ਵੀ ਇਸੇ ਤਰ੍ਹਾਂ ਲਿਖਤੀ ਰੂਪ ਵਿਚ ਪੱਤਰ ਸੌਂਪੇ ਗਏ ਹਨ।