Brick Kiln Workers Stage Protest: ਪੱਕੇ ਮੋਰਚੇ ’ਤੇ ਡਟੇ ਭੱਠਾ ਮਜ਼ਦੂਰਾਂ ਨੇ ਰੋਸ ਮਾਰਚ ਕੀਤਾ
ਮੰਗਾਂ ਨਾ ਮੰਨਣ ਦੇ ਦੋਸ਼ ਲਾਏ; ਮਾਰਚ ਦੌਰਾਨ ਮਜ਼ਦੂਰ ਬੇਹੋਸ਼
ਇੱਥੇ ਪੱਕੇ ਮੋਰਚੇ ’ਤੇ ਡਟੇ ਭੱਠਾ ਮਜ਼ਦੂਰਾਂ ਵੱਲੋਂ ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਸੰਘਰਸ਼ ਦੇ 23ਵੇਂ ਦਿਨ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੁੱਖ ਗੇਟ ਦਾ ਘਿਰਾਓ ਕਰਨ ਸਮੇਤ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਮਜ਼ਦੂਰਾਂ ਨੇ ਡੀ ਸੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਦਿੱਤੀਆਂ। ਭੱਠਾ ਮਜ਼ਦੂਰ ਕਾਨੂੰਨ ਅਨੁਸਾਰ ਬਣਦੀਆਂ ਉਜਰਤ ਦਰਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਮਾਰਚ ’ਚ ਹੁੰਮਸ ਕਾਰਨ ਬਜ਼ੁਰਗ ਮਜ਼ਦੂਰ ਜਸਵੰਤ ਸਿੰਘ ਵਾਸੀ ਰਾਮਪੁਰਾ ਅਚਾਨਕ ਬੇਹੋਸ਼ ਹੋ ਗਿਆ ਜਿਸ ਨੂੰ ਸਾਥੀਆਂ ਵੱਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟਧਰਮੂ ਦੀ ਅਗਵਾਈ ਹੇਠ ਭੱਠਾ ਮਜ਼ਦੂਰਾਂ ਦਾ ਰੋਸ ਮਾਰਚ ਬਾਅਦ ਦੁਪਹਿਰ ਡੀ ਸੀ ਦਫ਼ਤਰ ਤੋਂ ਸ਼ੁਰੂ ਹੋਇਆ ਜੋ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਪੱਕੇ ਮੋਰਚੇ ਵਾਲੇ ਸਥਾਨ ’ਤੇ ਸਮਾਪਤ ਹੋਇਆ।
ਇਸ ਦੌਰਾਨ ਆਗੂਆਂ ਸੋਨੂੰ ਖਾਨ, ਦਿਲਵਰ ਖਾਨ, ਜਸਵੀਰ ਖਾਨ ਅਤੇ ਜਗਤਾਰ ਸਿੰਘ ਨੇ ਸੰਬੋਧਨ ਕੀਤਾ। ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਨੇ ਕਿਹਾ ਕਿ ਮਜ਼ਦੂਰ ਪਿਛਲੇ 23 ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਕਾਨੂੰਨੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 31 ਜੁਲਾਈ ਨੂੰ ਸੁਨਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।

